ਹੜ੍ਹ ਪ੍ਰਭਾਵਿਤ ਖੇਤਰਾਂ ਦੇ 1200 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ- ਮੁੰਡੀਆਂ
- ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ,
- 15 ਕਿਸ਼ਤੀਆਂ ਰਾਹੀਂ ਲਗਾਤਾਰ ਲੋਕਾਂ ਨੂੰ ਕੱਢਿਆ ਜਾ ਰਿਹੈ ਬਾਹਰ
- ਮੰਜੇ ਤੇ ਬਹਿਕੇ ਬੀਬੀਆਂ ਨਾਲ ਪੀਤੀ ਚਾਹ - ਦੁੱਖ ਸੁੱਖ ਕੀਤਾ ਸਾਂਝਾ
ਕਪੂਰਥਲਾ, 29 ਅਗਸਤ 2025 - ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੁੱਚੇ ਪ੍ਰਸ਼ਾਸਨ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ 800 ਘਰਾਂ ਵਿਚੋਂ ਹੁਣ ਤੱਕ 250 ਪਰਿਵਾਰਾਂ ਦੇ ਕਰੀਬ 1200 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ।
ਉਨ੍ਹਾਂ ਅੱਜ ਕਪੂਰਥਲਾ ਦੇ ਪਿੰਡ ਕੰਮੇਵਾਲ ਅਤੇ ਬਾਗੂਵਾਲ ਵਿਖੇ ਹੜ੍ਹਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇਸ ਔਖੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਰਾਹਤ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ 800 ਘਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਉਨ੍ਹਾਂ ਵਲੋਂ ਲਗਾਤਾਰ ਇਹਨਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਜਾਣ ਲਈ ਅਪੀਲ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਘਰਾਂ ਦੇ ਮੋਹ-ਪਿਆਰ ਕਰਕੇ ਕਈ ਲੋਕ ਘਰ ਛੱਡਣ ਨੂੰ ਤਿਆਰ ਨਹੀਂ ਹਨ । ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਂਵਾਂ ਨੂੰ ਸਮਝਦਿਆਂ ਇਹਨਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਲਗਾਤਾਰ 15 ਕਿਸ਼ਤੀਆਂ ਰਾਹੀਂ ਸਮੇਂ ਸਿਰ ਖਾਣਾ, ਪੀਣ ਲਈ ਸਾਫ਼ ਪਾਣੀ, ਦਵਾਈਆਂ ਅਤੇ ਪਸ਼ੂਆਂ ਲਈ ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਪਰਿਵਾਰ ਉਨ੍ਹਾਂ ਦੀ ਅਪੀਲ ਨੂੰ ਮੰਨ ਰਹੇ ਹਨ ਉਹਨਾਂ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਲਗਾਤਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਉਨ੍ਹਾਂ ਕਿਹਾ ਕਿ ਅੱਜ ਪਾਣੀ ਦਾ ਪੱਧਰ ਕੁਝ ਘਟਿਆ ਹੈ ਅਤੇ ਅੱਜ 26 ਹਜ਼ਾਰ ਕਿਊਸਿਕ ਪਾਣੀ ਘਟਿਆ ਹੈ ਅਤੇ ਜਲਦ ਹੀ ਹਾਲਤ ਆਮ ਵਰਗੇ ਹੋ ਜਾਣਗੇ।
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮੰਗ ਅਨੁਸਾਰ ਤਰਪਾਲਾਂ, ਮੱਛਰਦਾਨੀਆਂ, ਆਡੋਮਾਸ ਕਰੀਮਾਂ ਤੋਂ ਇਲਾਵਾ ਲੋਕਾਂ ਵਲੋਂ ਲੋੜ ਅਨੁਸਾਰ ਜਿਸ ਵੀ ਵਸਤੂਆਂ ਦੀ ਮੰਗ ਕੀਤੀ ਜਾ ਰਹੀ ਹੈ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਭਾਗ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਘਰਾਂ ਨੂੰ ਛੱਡ ਕੇ ਬਣਾਏ ਗਏ ਰਾਹਤ ਕੈਂਪਾਂ ਵਿੱਚ ਪਹੁੰਚਣ। ਉਨ੍ਹਾਂ ਕਿਹਾ ਕਿ ਇਹਨਾਂ ਰਾਹਤ ਕੈਂਪਾਂ ਵਿੱਚ ਸਰਕਾਰ ਵਲੋਂ ਉਹਨਾਂ ਦੀ ਰਿਹਾਇਸ਼ ਅਤੇ ਖਾਣੇ ਆਦਿ ਤੋਂ ਇਲਾਵਾ ਪਸ਼ੂਆਂ ਲਈ ਵੀ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਸ.ਮੁੰਡੀਆਂ ਵਲੋਂ ਪਿੰਡ ਕੰਮੇਵਾਲ ਅਤੇ ਬਾਗੋਵਾਲ ਵਿਖੇ ਬਜ਼ੁਰਗ ਬੀਬੀਆਂ ਨਾਲ ਮੰਜੇ ਉਪਰ ਬੈਠ ਕੇ ਚਾਹ ਪੀਤੀ ਅਤੇ ਉਹਨਾਂ ਨਾਲ ਲੰਬੀ ਗੱਲਬਾਤ ਕਰਦਿਆਂ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਵਲੋਂ ਇਸ ਔਖੀ ਘੜੀ ਵਿੱਚ ਉਹਨਾਂ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਬਜ਼ੁਰਗ ਬੀਬੀਆਂ ਨੇ ਪੰਜਾਬ ਸਰਕਾਰ ਵਲੋਂ ਉਹਨਾਂ ਦੀ ਜਾਨ ਤੇ ਮਾਲ ਦੀ ਰੱਖਿਆ ਲਈ ਉਠਾਏ ਗਏ ਸੰਜੀਦਾ ਕਦਮਾਂ ਦੀ ਭਰਪੂਰ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਜ਼ਮੀਨੀ ਪੱਧਰ ’ਤੇ ਆ ਕੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਪਿੰਡ ਦੇ ਮੋਹਤਬਰ ਸੁਰਿੰਦਰ ਸਿੰਘ ਨੇ “ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਉੇਪਰ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ “ ਪ੍ਰਸ਼ਾਸਨ ਦੇ ਅਧਿਕਾਰੀ ਲਗਾਤਾਰ ਉਨ੍ਹਾਂ ਕੋਲ ਰਹਿੰਦੇ ਹਨ ਤੇ ਉਹ ਸਾਡੇ ਨਾਲ ਇੰਝ ਘੁਲ ਮਿਲ ਗਏ ਨੇ ਜਿਵੇਂ ਉਹ ਸਾਡੇ ਪਰਿਵਾਰ ਦੇ ਮੈਂਬਰ ਹੋਣ ।
ਇਸ ਮੌਕੇ ਲੋਕਾਂ ਨੇ ਮੰਗ ਕੀਤੀ ਕਿ ਹੜ੍ਹ ਤੋਂ ਬਾਅਦ ਸਬਜ਼ੀਆਂ ਦੀ ਬਿਜਾਈ ਲਈ ਬੀਜ ਤੇ ਖਾਦਾਂ ਪਹਿਲ ਦੇ ਆਧਾਰ ਉੇਪਰ ਮੁਹੱਈਆ ਕਰਵਾਈਆਂ ਜਾਣ,ਜਿਸ ਸਬੰਧੀ ਕੈਬਨਿਟ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਬੀਜ ਤੇ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ ਗਿਆ ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ , ਐਸ ਐਸ ਪੀ ਗੌਰਵ ਤੂਰਾ , ਸਾਇੰਸ ਟੈਕਨਾਲੌਜੀ ਬੋਰਡ ਦੇ ਮੈਂਬਰ ਕੰਵਰ ਇਕਬਾਲ ਸਿੰਘ , ਐਸ ਡੀ ਐਮ ਮੇਜਰ ਇਰਵਿਨ ਕੌਰ ਤੇ ਹੋਰ ਹਾਜ਼ਰ ਸਨ।