ਬਠਿੰਡਾ ਪੁਲਿਸ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ 6.5 ਕਿੱਲੋ ਅਫੀਮ ਸਮੇਤ ਦੋ ਗ੍ਰਿਫਤਾਰ
ਅਸ਼ੋਕ ਵਰਮਾ
ਬਠਿੰਡਾ, 15 ਫ਼ਰਵਰੀ 2026 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 6 ਕਿੱਲੋ 500 ਗ੍ਰਾਮ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਛੋਟਾ ਸਿੰਘ ਵਾਸੀ ਘੁੰਮਣ ਕਲਾਂ ਹਾਲ ਅਬਾਦ ਵਾਰਡ ਨੰਬਰ 6 ਭਾਰਤ ਨਗਰ ਸਿਟੀ-2 ਮਾਨਸਾ ਅਤੇ ਮੋਹਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਗਿੱਲ ਕਲਾਂ ਹਾਲ ਅਬਾਦ ਜੱਸੀ ਪੌ ਵਾਲੀ ਬਠਿੰਡਾ ਵੱਜੋ ਹੋਈ ਹੈ।
ਅੱਜ ਐਸਪੀ ਸਿਟੀ ਬਠਿੰਡਾ ਨਰਿੰਦਰ ਸਿੰਘ ਨੇ ਪੁਲਿਸ ਨੂੰ ਮਿਲੀ ਇਸ ਸਫਲਤਾ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਇਸ ਮਾਮਲੇ ਸਬੰਧੀ ਐਨਡੀਪੀਐਸ ਐਕਟ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 14 ਫਰਵਰੀ ਨੂੰ ਵਰਧਮਾਨ ਪੁਲਿਸ ਚੌਂਕੀ ਦੇ ਇੰਚਾਰਜ ਅਤੇ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਬਾਦਲ ਰੋਡ ਤੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੇ ਨਜਦੀਕ ਨਾਕਾਬੰਦੀ ਕੀਤੀ ਹੋਈ ਸੀ।
ਉਹਨਾਂ ਦੱਸਿਆ ਕਿ ਇਸ ਦੌਰਾਨ ਬਠਿੰਡਾ ਡੱਬਵਾਲੀ ਰੋਡ ਪਾਸਿਓ ਇੱਕ ਸਵਿੱਫਟ ਡਿਜਾਇਰ ਗੱਡੀ ਨੰਬਰੀ ਪੀ,ਬੀ 29ਏ.ਜੀ 3454 ਆਈ ਜਿਸ ਵਿੱਚ ਦੋ ਨੌਜਵਾਨ ਮੌਜੂਦ ਸਨ । ਉਹਨਾਂ ਦੱਸਿਆ ਕਿ ਇਸ ਮੌਕੇ ਜਦੋਂ ਗੱਡੀ ਦੀ ਚੈਕਿੰਗ ਕੀਤੀ ਗਈ ਤਾਂ ਮੁਲਜ਼ਮਾਂ ਤੋਂ ਚਾਰ ਕਿਲੋ ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਛੋਟਾ ਸਿੰਘ ਵਾਸੀ ਘੁੰਮਣ ਕਲਾਂ ਦੀ ਨਿਸ਼ਾਨਦੇਹੀ ਤੇ 2.5 ਕਿੱਲੋ ਹੋਰ ਅਫੀਮ ਬਰਾਮਦ ਕਰਵਾਈ ਗਈ ਜਿਸ ਤੋਂ ਬਾਅਦ ਇਹ
ਕੁੱਲ 6.5 ਕਿੱਲੋ ਗਰਾਮ ਅਫੀਮ ਬਰਾਮਦ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਮੁਲਜ਼ਮਾਂ ਨੇ ਇਹ ਅਫੀਮ ਰਾਜਸਥਾਨ ਤੋ ਲਿਆਂਦੀ ਸੀ ਅਤੇ ਅੱਗੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕੀਤੀ ਜਾਣੀ ਸੀ। ਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਜਿਸ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਨਸ਼ਾ ਤਸਕਰੀ ਲਈ ਵਰਤੀ ਕਾਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਅਨੁਸਾਰ ਮੁਲਜਮ ਜਗਸੀਰ ਸਿੰਘ ਖਿਲਾਫ ਅੱਧੀ ਦਰਜਨ ਮੁਕੱਦਮੇ ਦਰਜ ਹਨ ਜਿਨ੍ਹਾਂ ਵਿੱਚੋਂ ਦੋ ਮਾਮਲਿਆਂ 'ਚ ਉਸ ਨੂੰ 10- 10 ਸਾਲ ਦੀ ਸਜ਼ਾ ਹੋ ਚੁੱਕੀ ਹੈ।