ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਰਮਨ ਬਹਿਲ ਗੁਰਦਾਸਪੁਰ ਵਿਖੇ ਲੁੱਟ ਦਾ ਸ਼ਿਕਾਰ ਹੋਏ ਸੁਨਿਆਰੇ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ
ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ- ਵਿਧਾਇਕ ਕੁਲਦੀਪ ਸਿੰਘ ਧਾਲੀਵਾਲ
ਕਿਹਾ-ਦੋਸ਼ੀ ਜਲਦ ਹੋਣਗੇ ਸਲਾਖਾਂ ਦੇ ਪਿਛੇ
ਰੋਹਿਤ ਗੁਪਤਾ
ਗੁਰਦਾਸਪੁਰ, 9 ਮਾਰਚ ਬੀਤੇ ਦਿਨੀ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 5 ਗੁਰਦਾਸਪੁਰ ਵਿਖੇ ਸੁਨਿਆਰਾ ਪਰਿਵਾਰ ਦੇ ਘਰੇ ਲੁਟੇਰਿਆਂ ਵਲੋਂ ਕੀਤੀ ਲੁੱਟ ਸਬੰਧੀ ਪੀੜਤ ਪਰਿਵਾਰ ਨੂੰ ਮਿਲਣ ਲਈ ਅੱਜ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਹਲਕਾ ਇੰਚਾਰਜ ਰਮਨ ਬਹਿਲ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਘਰ ਗਏ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲਕੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ,ਐੱਸ ਐੱਸ ਪੀ ਗੁਰਦਾਸਪੁਰ ਆਦਿਤਿਆ, ਚੇਅਰਮੈਨ ਰਾਜੀਵ ਸ਼ਰਮਾ ਅਤੇ ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਕਾਦੀਆਂ ਵਿਖੇ ਆਏ ਸਨ ਅਤੇ ਉਨ੍ਹਾਂ ਨੇ ਡਿਊਟੀ ਲਗਾਈ ਸੀ ਕਿ ਪੀੜਤ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਵਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਰੁਖ਼ ਅਪਣਾਇਆ ਗਿਆ ਹੈ ਅਤੇ ਪੁਲਿਸ ਜਲਦ ਇਨ੍ਹਾਂ ਲੁਟੇਰਿਆਂ ਨੂੰ ਫੜ ਕੇ ਵੀ ਸਲਾਖਾਂ ਦੇ ਅੰਦਰ ਸੁੱਟੇਗੀ, ਜਿਸ ਸਬੰਧੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸੂਬੇ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ।
ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸਾਡਾ ਆਪਣਾ ਪਰਿਵਾਰ ਹੈ ਅਤੇ ਕਾਰੋਬਾਰ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਇਨ੍ਹਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਕਾਰੋਬਾਰ ਦੇ ਨਵੇਂ ਮੌਕੇ ਪੈਦਾ ਕੀਤੇ ਗਏ ਹਨ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਕਾਰੋਬਾਰੀਆਂ ਵਲੋਂ ਨਿਵੇਸ਼ ਕੀਤਾ ਗਿਆ ਹੈ। ਇਸ ਲਈ ਪੰਜਾਬ ਸਰਕਾਰ ਕਾਰੋਬਾਰੀਆਂ ਭਰਾਵਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬਿਜਨੈੱਸਮੈਨ ਅਤੇ ਬਿਜ਼ਨਸ ਨੂੰ ਪੰਜਾਬ ਵਿੱਚੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਸੂਬਾ ਸਰਕਾਰ ਕਾਰੋਬਾਰੀਆਂ ਦੇ ਨਾਲ ਖੜੀ ਹੈ।
ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਜੋ ਵੀ ਮਦਦ ਮੰਗੇਗਾ, ਅਸੀਂ ਉਨ੍ਹਾਂ ਦੇ ਨਾਲ ਹੈ ਭਾਵੇਂ ਉਹ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਗੱਲ ਹੋਵੇ ਜਾਂ ਸੈਲਫ ਡਿਫੈਂਸ ਲਈ ਹਥਿਆਰ ਦੀ। ਅਸੀਂ ਪਰਿਵਾਰ ਦੀ ਹਰ ਮਦਦ ਲਈ ਵਚਨਬੱਧ ਹਾਂ।
ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਇਹ ਮੇਰਾ ਆਪਣਾ ਪਰਿਵਾਰ ਹੈ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਨ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਪੀੜਤ ਪਰਿਵਾਰ ਵਲੋਂ ਲੁੱਟ ਦੀ ਵਾਰਦਾਤ ਕਰਨ ਵਾਲਿਆਂ ਵਿਰੁੱਧ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਦੋਸ਼ੀ ਜਲਦ ਪੁਲਿਸ ਹਿਰਾਸਤ ਵਿੱਚ ਹੋਣਗੇ ਅਤੇ ਸਰਕਾਰ ਵਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ।
Click to Follow Babushahi Facebook Page →