ਕਿਸਾਨ ਮਜ਼ਦੂਰ ਆਗੂਆਂ ਵੱਲੋਂ ਮੁਲਾਜ਼ਮਾਂ ਅਤੇ ਕਿਸਾਨਾਂ 'ਤੇ ਜ਼ਬਰ ਦੀ ਨਿਖੇਧੀ
ਅਸ਼ੋਕ ਵਰਮਾ
ਚੰਡੀਗੜ੍ਹ,10 ਮਾਰਚ 2026:ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਜਾਰੀ ਕੀਤੇ ਬਿਆਨ ਰਾਹੀਂ ਮਹਿਲਾ ਦਿਵਸ ਦੇ ਮੌਕੇ ਵਿਧਾਨ ਸਭਾ ਵੱਲ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਾਰਚ ਕਰ ਰਹੇ ਮੁਲਾਜ਼ਮਾਂ ਖਾਸ ਕਰਕੇ ਔਰਤ ਮੁਲਾਜ਼ਮਾਂ ਉੱਪਰ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣ ਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਔਰਤਾਂ ਤੇ ਮੁਲਾਜ਼ਮਾਂ 'ਤੇ ਜ਼ਬਰ ਢਾਹੁਣ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ 'ਤੇ ਪੁਲਿਸ ਵੱਲੋਂ ਕੀਤੇ ਜਬਰ ਵਾਲੀ ਕਾਰਵਾਈ ਦੀ ਸਖਤ ਨਿਖੇਧੀ ਕੀਤੀ ਹੈ ।
ਉਹਨਾਂ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵੀ ਪੁਲਿਸ ਵੱਲੋਂ ਗਿਰਫ਼ਤਾਰ ਕਰਨ ਦੀ ਕਾਰਵਾਈ ਨੂੰ ਜਮਹੂਰੀ ਹੱਕਾਂ ਦਾ ਘਾਣ ਕ਼ਰਾਰ ਦਿੱਤਾ। ਕਿਸਾਨ ਮਜ਼ਦੂਰ ਆਗੂਆਂ ਨੇ ਆਖਿਆ ਕਿ ਇੱਕ ਪਾਸੇ ਪੰਜਾਬ ਦੀ ਆਪ ਸਰਕਾਰ ਮਹਿਲਾ ਦਿਵਸ ਦੇ ਮੌਕੇ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੇ ਦਮਗੱਜੇ ਮਾਰ ਰਹੀ ਹੈ ਪਰ ਦੂਜੇ ਪਾਸੇ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਦੀਆਂ ਮਿੱਡ ਡੇ ਮੀਲ ਅਤੇ ਆਸ਼ਾ ਵਰਕਰਾਂ ਆਂਗਣਵਾੜੀ ਵਰਕਰਾਂ ਤੇ ਅਧਿਆਪਕਾਂ ਸਮੇਤ ਵੱਖ - ਵੱਖ ਵਿਭਾਗਾਂ ' ਚ ਕੰਮ ਕਰਦੀਆਂ ਔਰਤਾਂ, ਮੁਲਾਜ਼ਮਾਂ ਉਤੇ ਜ਼ਬਰ ਢਾਹੁਣ ਤੋਂ ਇਲਾਵਾ ਲੋਕਤੰਤਰੀ ਢੰਗ ਨਾਲ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਕਿਸਾਨਾਂ 'ਤੇ ਜ਼ਬਰ ਢਾਹੁਣ ਨਾਲ ਆਪ ਸਰਕਾਰ ਦਾ ਔਰਤ ਤੇ ਲੋਕ ਵਿਰੋਧੀ ਚਿਹਰਾ ਹੋਰ ਲੰਗਾਰ ਹੋ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਤੋਂ ਵੀ ਅੱਗੇ ਹੋ ਕੇ ਜਬਰ ਦੇ ਕੁਹਾੜੇ ਨੂੰ ਹੋਰ ਤੇਜੀ ਨਾਲ ਵਾਹ ਰਹੀ ਹੈ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਲੋਕਾਂ 'ਤੇ ਥਾਂ ਥਾਂ ਜ਼ਬਰ ਕਰਕੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ।ਉਹਨਾਂ ਕਿਹਾ ਕਿ ਮੌਜੂਦਾ ਸਮੇਂ ਚੋਣ ਵਰ੍ਹਾ ਹੋਣ ਦੇ ਬਾਵਜੂਦ ਆਪ ਸਰਕਾਰ ਵੱਲੋਂ ਸੰਘਰਸ਼ਸ਼ੀਲ ਲੋਕਾਂ ਪ੍ਰਤੀ ਅਪਣਾਇਆ ਜਾ ਰਿਹਾ ਜਾਬਰ ਰਵੱਈਆ ਸਾਬਤ ਕਰਦਾ ਹੈ ਕਿ ਚੋਣਾਂ ਤੋਂ ਬਾਅਦ ਹੱਕ ਮੰਗਦੇ ਲੋਕਾਂ ਉੱਤੇ ਹੋਰ ਵੀ ਵਧੇਰੇ ਜ਼ੋਰ ਨਾਲ ਜ਼ਬਰ ਢਾਹ ਕੇ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ । ਕਿਸਾਨ ਮਜ਼ਦੂਰ ਆਗੂਆਂ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪ ਸਰਕਾਰ ਦੀਆਂ ਇਹਨਾਂ ਜਾਬਰ ਨੀਤੀਆਂ ਖਿਲਾਫ ਦ੍ਰਿੜ ਇਰਾਦਿਆਂ ਨਾਲ ਸੰਘਰਸ ਦੇ ਮੈਦਾਨ ਵਿੱਚ ਆਉਣ।
Click to Follow Babushahi Facebook Page →