ਮਾਨ ਸਰਕਾਰ ਦੀ ਗਰੰਟੀ ਪੂਰੀ ਹੋਣ ਦੀ ਖੁਸ਼ੀ ਵਿੱਚ ਡੇਰਾਬੱਸੀ, ਕੁਰਾਲੀ ਅਤੇ ਮੋਹਾਲੀ ਦੀਆਂ ਔਰਤਾਂ ਨੇ ‘ਜਾਗੋ’ਕੱਢ ਕੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਕੀਤਾ ਸਵਾਗਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਦੇ ਹੱਕ ਵਿੱਚ ਲਏ ਇਤਿਹਾਸਕ ਫ਼ੈਸਲੇ ਲਈ ਕੀਤਾ ਧੰਨਵਾਦ
ਐੱਸ.ਏ.ਐੱਸ ਨਗਰ, 13 ਮਾਰਚ, 2026:
ਪੰਜਾਬ ਸਰਕਾਰ ਵੱਲੋਂ ਔਰਤਾਂ ਨਾਲ ਕੀਤਾ ਗਿਆ ਵਾਅਦਾ ਪੂਰੇ ਕਰਦੇ ਹੋਏ ਮਾਨ ਸਰਕਾਰ ਵੱਲੋਂ ਮਾਵਾਂ-ਭੈਣਾਂ ਲਈ 1,000 ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਲਈ 1,500 ਪ੍ਰਤੀ ਮਹੀਨਾ ਦੀ ਗਰੰਟੀ ਪੂਰੀ ਕਰਨ ਦੀ ਖੁਸ਼ੀ ਵਿੱਚ ਅੱਜ ਜ਼ਿਲੇ ਦੇ ਵੱਖ-ਵੱਖ ਹਲਕਿਆਂ ਡੇਰਾਬੱਸੀ, ਕੁਰਾਲੀ ਅਤੇ ਮੋਹਾਲੀ ਵਿਖੇ ਔਰਤਾਂ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਗਾਰੰਟੀ ਲਈ ਖੁਸ਼ੀਆਂ ਭਰੀ ਜਾਗੋ ਕੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਾਵਾਂ-ਭੈਣਾਂ ਨੇ ਭਾਗ ਲਿਆ ਅਤੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ *ਮੋਹਾਲੀ ਤੋਂ ਵੂਮੈਨ ਵਿੰਗ ਦੀ ਕੋਆਰਡੀਨੇਟਰ ਰਮਨਪ੍ਰੀਤ ਕੌਰ* ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਘਰ-ਪਰਿਵਾਰ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਮਿਲੇਗੀ ਅਤੇ ਔਰਤਾਂ ਨੂੰ ਆਤਮਨਿਰਭਰ ਬਣਨ ਲਈ ਹੌਸਲਾ ਮਿਲੇਗਾ।
*ਕੁਰਾਲੀ ਤੋਂ ਜਾਗੋ ਕੱਢਣ ਸਮੇਂ ਵੂਮੈਨ ਵਿੰਗ ਦੀ ਕੋਆਰਡੀਨੇਟਰ ਹਰਪ੍ਰੀਤ ਕੌਰ* ਨੇ ਦੱਸਿਆ ਕਿ ਸ਼ਹਿਰ ਦੀਆਂ ਔਰਤਾਂ ਨੇ ਢੋਲ ਵਜਾ ਕੇ ਅਤੇ ਜਾਗੋ ਲੈ ਕੇ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਤੋਹਫੇ ਦਾ ਧੰਨਵਾਦ ਕਰਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾਗੋ ਕੱਢੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੇ ਇਸ ਯੋਜਨਾ ਨੂੰ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ।
ਇਸ ਤੋਂ ਇਲਾਵਾ *ਡੇਰਾਬਸੀ ਹਲਕੇ ਦੀ ਵੂਮੈਨ ਵਿੰਗ ਦੀ ਕੋਆਰਡੀਨੇਟਰ ਕੁਲਦੀਪ ਕੌਰ* ਜਾਗੋ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ਨਾਲ ਸੂਬੇ ਦੀਆਂ ਮਹਿਲਾਵਾਂ ਨੂੰ ਵੱਡਾ ਆਰਥਿਕ ਅਤੇ ਸਮਾਜਿਕ ਸਹਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਵਾਸੀਆਂ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਹੱਕਾਂ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਵੱਡੇ ਅਤੇ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ। ਇਸ ਮੌਕੇ ਹਲਕੇ ਦੀਆਂ ਔਰਤਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਅਤੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਮਾਵਾਂ-ਭੈਣਾਂ ਲਈ ਵੱਡੀ ਸਹਾਇਤਾ ਸਾਬਤ ਹੋਵੇਗੀ ਅਤੇ ਇਸ ਨਾਲ ਸਮਾਜ ਵਿੱਚ ਔਰਤਾਂ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਮਹਿਲਾਵਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ ਅਤੇ ਇਹ ਯੋਜਨਾ ਵੀ ਉਸੇ ਦਿਸ਼ਾ ਵਿੱਚ ਇਕ ਮਹੱਤਵਪੂਰਨ ਅਤੇ ਲੋਕ-ਪੱਖੀ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਸੂਬੇ ਦੀਆਂ ਲੱਖਾਂ ਮਹਿਲਾਵਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ, ਜਿਸ ਨਾਲ ਪਰਿਵਾਰਾਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਨੂੰ ਵੀ ਬਲ ਮਿਲੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਦੀਆਂ ਮਹਿਲਾਵਾਂ ਅਤੇ ਵੁਮੈਨ ਵਿੰਗ ਦੀਆਂ ਮੈਂਬਰਾਂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਅੱਜ ਔਰਤਾਂ ਵੱਲੋਂ ਜ਼ਿਲ੍ਹੇ ਦੇ ਖਰੜ, ਕੁਰਾਲੀ, ਅਤੇ ਡੇਰਾਬਸੀ ਵਿੱਚ ਜਾਗੋ ਕੱਢਕੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।
Click to Follow Babushahi Facebook Page →