ਅਧਿਆਪਕਾਂ ਦੀ ਸੇਵਾ ਸੁਰੱਖਿਆ ਦੀ ਬਜਾਏ ਪੁਲਸੀਆ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ
ਦਲਜੀਤ ਕੌਰ
ਸੰਗਰੂਰ, 17 ਮਾਰਚ, 2026 : ਅਧਿਆਪਕ ਜਥੇਬੰਦੀਆਂ ਦੇ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਕ੍ਰਿਸ਼ਨ ਸਿੰਘ ਦੁੱਗਾਂ, ਅਵਤਾਰ ਸਿੰਘ ਭਲਵਾਨ, ਦੇਵੀ ਦਿਆਲ, ਵਰਿੰਦਰਜੀਤ ਸਿੰਘ ਬਜਾਜ, ਦਾਤਾ ਸਿੰਘ ਅਤੇ ਨਿਰਮਲ ਸਿੰਘ ਦੀ ਅਗਵਾਈ ਵਿੱਚ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਜੋਰਦਾਰ ਨਾਅਰੇਬਾਜੀ ਕੀਤੀ ਗਈ। ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਸੁਪਰੀਮ ਕੋਰਟ ਰਾਹੀਂ ਟੈੱਟ (ਅਧਿਆਪਕ ਯੋਗਤਾ ਟੈਸਟ) ਦੀ ਬਿਲਕੁਲ ਬੇਲੋੜੀ, ਗੈਰ- ਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹਰ ਵਰਗ 'ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਨਵੇਂ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ 'ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਬਣਦੀਆਂ ਤਰੱਕੀਆਂ ਨੇਪਰੇ ਚਾੜ੍ਹੀਆਂ ਹਨ।
ਇੱਕ ਪਾਸੇ ਪੰਜਾਬ ਸਰਕਾਰ ਵਲੋਂ ਖਜਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਵੀ ਤਰਸ ਰਹੇ ਹਨ। ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਮੌਕੇ ਅਧਿਆਪਕ ਆਗੂ ਕਮਲਜੀਤ ਸਿੰਘ, ਵਿਸ਼ਾਲ ਸ਼ਰਮਾ, ਸੁਖਵਿੰਦਰ ਗਿਰ, ਫਕੀਰ ਸਿੰਘ ਟਿੱਬਾ, ਜਸਵੀਰ ਨਮੋਲ, ਜਤਿੰਦਰ ਜੋਤੀ, ਅਵਤਾਰ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਮਰਾ, ਅਮਨ ਵਿਸਿਸਟ, ਬਾਰਾ ਸਿੰਘ, ਸੁਖਜਿੰਦਰ ਸਿੰਘ, ਜਸਵੀਰ ਗਿੱਲ, ਚੰਦ ਸਿੰਘ, ਅਮਨਦੀਪ ਸਿੰਘ ਕਲੇਰ, ਕੁਲਵੰਤ ਸਿੰਘ ਖਨੌਰੀ, ਪ੍ਰਿੰਸ ਸਿੰਗਲਾ, ਯਾਦਵਿੰਦਰ ਪਾਲ ਸਿੰਘ, ਸੌਰਵ ਜੋਸ਼ੀ, ਜਗਦੀਸ਼ ਗਗੜਪੁਰ, ਗਗਨਦੀਪ ਬੁਗਰਾ, ਸਹਿਯੋਗੀ ਜਥੇਬੰਦੀਆਂ ਵੱਲੋਂ ਬਲਵੀਰ ਚੰਦ ਲੌਂਗੋਵਾਲ, ਸਰਬਜੀਤ ਸਿੰਘ ਪੁੰਨਾਵਾਲ, ਨਿਰਭੈ ਸਿੰਘ, ਰਛਪਾਲ ਸਿੰਘ, ਮਾਲਵਿੰਦਰ ਸਿੰਘ ਸੰਧੂ ਅਤੇ ਬਲਦੇਵ ਬਡਰੁੱਖਾਂ ਹਾਜ਼ਰ ਸਨ।
Click to Follow Babushahi Facebook Page →