ਅਕਾਲੀ ਦਲ ਨੂੰ ਵੱਡਾ ਝਟਕਾ: ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਮੁਨੀਮ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਇੰਚਾਰਜ ਤਲਬੀਰ ਗਿੱਲ ਦੀ ਮੌਜੂਦਗੀ ਵਿੱਚ ਅਕਾਲੀ ਆਗੂ ਨੂੰ ਪਾਰਟੀ ਵਿੱਚ ਕਰਾਇਆ ਸ਼ਾਮਲ
ਚੰਡੀਗੜ੍ਹ, 21 ਮਾਰਚ
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਅੰਮ੍ਰਿਤਸਰ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਮੁਨੀਮ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ 'ਆਪ' ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ 'ਤੇ ਭਰੋਸਾ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਅਤੇ ਲੋਕ ਭਲਾਈ ਵਰਗੇ ਖੇਤਰਾਂ ਵਿੱਚ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਦੂਜੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ 'ਆਪ' ਵਿੱਚ ਸ਼ਾਮਲ ਹੋ ਰਹੇ ਹਨ।
ਇਸ ਮੌਕੇ ਮਜੀਠਾ ਹਲਕੇ ਦੇ ਚਵਿੰਡਾ ਦੇਵੀ ਤੋਂ ਵੀ ਕਈ ਆਗੂ 'ਆਪ' ਵਿੱਚ ਸ਼ਾਮਲ ਹੋਏ। ਇਨ੍ਹਾਂ ਵਿੱਚ ਨਰਿੰਦਰ ਸਿੰਘ, ਕੁਲਵੰਤ ਰਾਏ ਸੁੰਦਰ, ਵਿਜੇ ਕੁਮਾਰ ਭੰਡਾਰੀ, ਹਰਮੀਤ ਸਿੰਘ ਅਤੇ ਪਰਮਜੀਤ ਸਿੰਘ ਪ੍ਰੇਮ ਸ਼ਾਮਲ ਸਨ।
ਸਰਵਣ ਸਿੰਘ ਮੁਨੀਮ ਨੇ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਉਹ 'ਆਪ' ਸਰਕਾਰ ਦੀ ਇਮਾਨਦਾਰ ਸ਼ਾਸਨ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਤੋਂ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਆਪਣੇ ਸਾਥੀਆਂ ਸਮੇਤ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ।
Click to Follow Babushahi Facebook Page →