ਗੈਂਗਸਟਰਾਂ ਤੇ ਵਾਰ" ਮੁਹਿੰਮ ਤਹਿਤ ਮੁਕਤਸਰ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਮੂਹ ਬੱਸ ਅੱਡਿਆਂ ’ਤੇ ਵਿਸ਼ੇਸ਼ ਚੈਕਿੰਗ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 26 ਮਾਰਚ 2026 ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਮਹਿਮ "ਗੈਂਗਸਟਰਾਂ ਤੇ ਵਾਰ" ਤਹਿਤ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ’ ਜ਼ਿਲ੍ਹੇ ਭਰ ਦੇ ਬੱਸ ਸਟੈਂਡ ਤੇ ਵਿਸ਼ੇਸ਼ ਸਰਚ ਓਪਰੇਸ਼ਨ ਚਲਾਇਆ ਗਿਆ।ਇਹ ਵਿਸ਼ੇਸ਼ ਸਰਚ ਅਭਿਆਨ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ — ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਸਥਿਤ ਬੱਸ ਸਟੈਂਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚਲਾਇਆ ਗਿਆ।
ਇਸ ਮੌਕੇ ਸ੍ਰੀ ਬਚਨ ਸਿੰਘ ਡੀ.ਐਸ.ਪੀ. (ਸ੍ਰੀ ਮੁਕਤਸਰ ਸਾਹਿਬ), ਸ੍ਰੀ ਨਵੀਨਪਾਲ ਸਿੰਘ ਸਿੰਘ ਡੀ.ਐਸ.ਪੀ. (ਮਲੋਟ), ਸ੍ਰੀ ਅਰੁਣ ਮੁੰਡਨ ਡੀ.ਐਸ.ਪੀ. (ਗਿੱਦੜਬਾਹਾ) ਅਤੇ ਸ੍ਰੀ ਹਰਬੰਸ ਸਿੰਘ ਡੀ.ਐਸ.ਪੀ. (ਲੰਬੀ) ਵੱਲੋਂ ਪੁਲਿਸ ਕਰਮਚਾਰੀਆਂ ਸਮੇਤ ਆਪਣੀ-ਆਪਣੀ ਸਬ-ਡਿਵੀਜ਼ਨ ਦੇ ਬੱਸ ਸਟੈਂਡਾਂ ’ਤੇ ਵਿਸਤ੍ਰਿਤ ਸਰਚ ਓਪਰੇਸ਼ਨ ਕੀਤਾ ਗਿਆ। ਇਸ ਵਿਸ਼ੇਸ਼ ਸਰਚ ਅਭਿਆਨ ਵਿੱਚ 220 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ।
ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਚੈਕਿੰਗ ਦੌਰਾਨ ਸ੍ਰੀ ਬਚਨ ਸਿੰਘ ਡੀਐਸਪੀ, ਇੰਸਪੈਕਟਰ ਜਸਕਰਨ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਇੰਸਪੈਕਟਰ ਰਾਜਵੀਰ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਹਾਜ਼ਰ ਸੀ।
ਓਪਰੇਸ਼ਨ ਦੇ ਮੁੱਖ ਪਹਿਲੂ
ਬੱਸ ਸਟੈਂਡਾਂ ’ਤੇ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਗਈ।
PAIS ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ ਗਈ।
VAHAN ਐਪ ਰਾਹੀਂ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ।
ਐਂਟੀ-ਸਾਬੋਟਾਜ਼ ਟੀਮਾਂ ਵੱਲੋਂ ਬੱਸ ਸਟੈਂਡ, ਵੇਟਿੰਗ ਹਾਲ, ਪਾਰਕਿੰਗ ਦੇ ਆਲੇ-ਦੁਆਲੇ ਇਲਾਕਿਆਂ ਦੀ ਸੰਘਣੀ ਤਲਾਸ਼ੀ ਕੀਤੀ ਗਈ।
ਯਾਤਰੀਆਂ ਨਾਲ ਪੁੱਛਗਿੱਛ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਸਬੰਧੀ ਜਾਗਰੂਕ ਕੀਤਾ ਗਿਆ।
ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਸਰਚ ਆਪਰੇਸ਼ਨ ਨਿਯਮਤ ਤੌਰ ’ਤੇ ਜਾਰੀ ਰਹਿਣਗੇ ਤਾਂ ਜੋ ਸ਼ਰਾਰਤੀ ਅੰਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਪੂਰੀ ਤਰ੍ਹਾਂ ਨਕੇਲ ਕਸੀ ਜਾ ਸਕੇ।
ਉਨ੍ਹਾਂ ਕਿਹਾ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਰਗੀਆਂ ਭੀੜਭਾੜ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨਾਲ ਅਪਰਾਧਿਕ ਤੱਤਾਂ ਵਿੱਚ ਡਰ ਪੈਦਾ ਹੁੰਦਾ ਹੈ।
ਉਨ੍ਹਾਂ ਸਪਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਐਸ.ਐਸ.ਪੀ. ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦੇ ਨਾਲ-ਨਾਲ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੁਲਿਸ ਵੱਲੋਂ ਹਰ ਸੂਚਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
ਐਸ.ਐਸ.ਪੀ. ਨੇ ਕਿਹਾ ਕਿ ਪੁਲਿਸ ਟੀਮਾਂ ਪੂਰੀ ਤਰ੍ਹਾਂ ਸਤਰਕ ਹਨ ਅਤੇ 24x7 ਡਿਊਟੀ ਨਿਭਾ ਰਹੀਆਂ ਹਨ।
ਜ਼ਿਲ੍ਹਾ ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਐਮਰਜੈਂਸੀ ਨੰਬਰ: 112
ਜ਼ਿਲ੍ਹਾ ਪੁਲਿਸ ਕੰਟਰੋਲ ਰੂਮ: 80549 42100
Click to Follow Babushahi Facebook Page →