ਲੁਧਿਆਣਾ: ਮਾਡਲ ਟਾਊਨ 'ਚ ਰੈਸਟੋਰੈਂਟ ਦੀ ਗੰਦਗੀ ਦਾ ਮਾਮਲਾ ਭਖਿਆ; ਮਨੁੱਖੀ ਅਧਿਕਾਰ ਕਮਿਸ਼ਨ ਨੇ ਨਿਗਮ ਕਮਿਸ਼ਨਰ ਤੋਂ ਮੰਗੀ ਰਿਪੋਰਟ
ਸੁਖਮਿੰਦਰ ਭੰਗੂ
ਲੁਧਿਆਣਾ, 26 ਮਾਰਚ 2026- ਲੁਧਿਆਣਾ ਦੇ ਮਾਡਲ ਟਾਊਨ ਮਾਰਕੀਟ ਇਲਾਕੇ ਵਿੱਚ ਇੱਕ ਰੈਸਟੋਰੈਂਟ ਵੱਲੋਂ ਫੈਲਾਈ ਜਾ ਰਹੀ ਗੰਦਗੀ ਅਤੇ ਬਦਬੂ ਦਾ ਮਾਮਲਾ ਹੁਣ ਕਾਨੂੰਨੀ ਸ਼ਿਕੰਜੇ ਵਿੱਚ ਫਸ ਗਿਆ ਹੈ। ਮਾਰਕੀਟ ਦੇ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਹੋਣ ਕਰਕੇ ਹੁਣ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ ਵਿੱਚ ਸਖ਼ਤ ਦਖ਼ਲ ਦਿੱਤਾ ਹੈ। ਕਮਿਸ਼ਨ ਨੇ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਨੂੰ ਨੋਟਿਸ ਜਾਰੀ ਕਰਦਿਆਂ ਇਸ ਸਬੰਧੀ ਵਿਸਥਾਰਪੂਰਕ ਰਿਪੋਰਟ ਤਲਬ ਕੀਤੀ ਹੈ।
ਕੀ ਹੈ ਪੂਰਾ ਮਾਮਲਾ?
ਜਾਣਕਾਰੀ ਅਨੁਸਾਰ ਮਾਡਲ ਟਾਊਨ ਮਾਰਕੀਟ ਵੈਲਫੇਅਰ ਸੋਸਾਇਟੀ ਵੱਲੋਂ 23 ਜਨਵਰੀ 2026 ਨੂੰ ਕਮਿਸ਼ਨ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ, ਇੱਕ ਰੈਸਟੋਰੈਂਟ ਵੱਲੋਂ ਰੋਜ਼ਾਨਾ ਬਦਬੂਦਾਰ ਪਾਣੀ ਸਿੱਧਾ ਸੜਕ ਅਤੇ ਪਿਛਲੀ ਗਲੀ ਵਿੱਚ ਸੁੱਟਿਆ ਜਾ ਰਿਹਾ ਹੈ। ਗੰਦਗੀ ਕਾਰਨ ਮਾਰਕੀਟ ਵਿੱਚ ਆਉਣ ਵਾਲੇ ਗਾਹਕਾਂ ਅਤੇ ਉੱਥੇ ਰਹਿਣ ਵਾਲੇ ਲੋਕਾਂ ਦਾ ਜਿਊਣਾ ਦੁਭਰ ਹੋ ਗਿਆ ਹੈ। ਜਸਵਿੰਦਰ ਸਿੰਘ ਸ਼ੰਮੀ ਅਤੇ ਹੋਰਨਾਂ ਮੁਤਾਬਕ ਖੜ੍ਹੇ ਗੰਦੇ ਪਾਣੀ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਵਿੱਚ ਬਿਮਾਰੀਆਂ ਫੈਲਣ ਦਾ ਗੰਭੀਰ ਖ਼ਤਰਾ ਬਣਿਆ ਹੋਇਆ ਹੈ।
ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਈ ਵਾਰ ਸਥਾਨਕ ਕੌਂਸਲਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਸ ਨਰਕ ਵਰਗੀ ਸਥਿਤੀ ਬਾਰੇ ਜਾਣੂ ਕਰਵਾਇਆ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਪ੍ਰਸ਼ਾਸਨ ਦੀ ਇਸੇ ਢਿੱਲੀ ਕਾਰਗੁਜ਼ਾਰੀ ਕਾਰਨ ਸੋਸਾਇਟੀ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦਾ ਦਰਵਾਜ਼ਾ ਖੜਕਾਉਣਾ ਪਿਆ।
ਮਾਮਲੇ ਦੀ ਗੰਭੀਰਤਾ ਅਤੇ ਜਨਤਕ ਸਿਹਤ ਨੂੰ ਮੁੱਖ ਰੱਖਦਿਆਂ ਕਮਿਸ਼ਨ ਨੇ ਨਗਰ ਨਿਗਮ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ 2026 ਨੂੰ ਨਿਰਧਾਰਤ ਕੀਤੀ ਗਈ ਹੈ। ਮਾਰਕੀਟ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਨੂੰ ਉਮੀਦ ਹੈ ਕਿ ਕਮਿਸ਼ਨ ਦੇ ਸਖ਼ਤ ਰੁਖ਼ ਤੋਂ ਬਾਅਦ ਹੁਣ ਨਗਰ ਨਿਗਮ ਜਾਗੇਗਾ ਅਤੇ ਰੈਸਟੋਰੈਂਟ ਵਿਰੁੱਧ ਬਣਦੀ ਕਾਰਵਾਈ ਕਰਕੇ ਇਲਾਕੇ ਨੂੰ ਗੰਦਗੀ ਮੁਕਤ ਕਰਵਾਏਗਾ।
Click to Follow Babushahi Facebook Page →