ਖਾਲਸਾ ਸਾਜਨਾ ਦਿਵਸ ਸ਼ਤਾਬਦੀ ਨੂੰ ਸਮਰਪਿਤ ਗੁ: ਕਰਹਾਲੀ ਸਾਹਿਬ ਵਿਖੇ ਮਹਾਨ ਅੰਮ੍ਰਿਤ ਸੰਚਾਰ
92 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਲੈ ਕੇ ਗੁਰੂ ਕੇ ਸਿੰਘ ਸਜ਼ੇ
ਗੁਰਪ੍ਰੀਤ ਸਿੰਘ ਜਖਵਾਲੀ
ਡਕਾਲਾ/ਬਲਬੇੜਾ 6 ਅਪ੍ਰੈਲ 2026 : ਖਾਲਸਾ ਸਾਜਨਾ ਦਿਵਸ ਸ਼ਤਾਬਦੀ ਨੂੰ ਸਮਰਪਿਤ ਦੋ ਪਾਤਸ਼ਾਹੀਆਂ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ 'ਤੇ ਨੌਵੀਂ ਕਰਹਾਲੀ ਸਾਹਿਬ (ਪਟਿਆਲਾ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਧਰਮ ਪ੍ਰਚਾਰ ਲਹਿਰ ਤਹਿਤ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਤੋਂ ਆਏ ਪੰਜ ਪਿਆਰੇ ਸਾਹਿਬਾਨ ਪਾਸੋਂ 92 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਇਸ ਮੌਕੇ ਉਚੇਚੇ ਤੌਰ ’ਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਤੋਂ ਇਲਾਵਾ ਕੁਲਦੀਪ ਸਿੰਘ ਨੱਸੂਪੁਰ, ਨੇ ਸਮਾਗਮ 'ਚ ਪਹੁੰਚ ਕੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਅਵਲਾਖੀਆ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਅੰਮ੍ਰਿਤ ਸੰਚਾਰ ਮੌਕੇ ਪੰਜ ਪਿਆਰਿਆਂ ਵੱਲੋ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਨੂੰ ਜਿਥੇ ਪੰਜ ਕਕਾਰਾਂ ਦੀ ਮਹੱਤਤਾ ਅਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਗੁਰਬਾਣੀ ਦੀ ਰੌਸ਼ਨੀ ਵਿੱਚ ਜੀਵਨ ਬਤੀਤ ਕਰਨ ਤੋਂ ਇਲਾਵਾ, ਗੁਰੂ ਨਾਨਕ ਦੇਵ ਸਾਹਿਬ ਜੀ ਦੇ ਸੱਚੇ ਸੁੱਚੇ ਸਿਧਾਂਤ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਉਪਦੇਸ਼ ਦੇ ਨਾਲ ਨਾਲ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਖਾਲਸਾ ਸਾਜਨਾ ਦਿਵਸ ਮੌਕੇ ਚਲਾਈ ਰੀਤ " ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ" ਦੇ ਸੰਕਲਪ ਸਬੰਧੀ ਵੀ ਜਾਣੂ ਕਰਾਇਆ। ਇਸ ਮੌਕੇ ਮੈਨੇਜਰ ਸੁਰਜੀਤ ਸਿੰਘ ਕੌਲੀ ਨੇ ਪੁੱਜੀਆਂ ਸੰਗਤਾਂ ਨੂੰ ਸਿਰੋਪਾਓ ਭੇਟ ਕਰਕੇ ਜੀਓ ਆਇਆ ਆਖਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਚਾਰਕ ਭਾਈ ਪਰਵਿੰਦਰ ਸਿੰਘ ਬਰਾੜਾ, ਗ੍ਰੰਥੀ ਭਾਈ ਸਤਪਾਲ ਸਿੰਘ, ਗਿਆਨੀ ਹਰਬੰਸ ਸਿੰਘ, ਗੁਰਮੁਖ ਸਿੰਘ ਅਕਾਊਂਟੈਂਟ, ਗੁਰਬਾਜ ਸਿੰਘ ਖਜਾਨਚੀ, ਹਿੰਮਤ ਸਿੰਘ, ਹੈਪੀ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਪਰਮਪ੍ਰੀਤ ਸਿੰਘ, ਅਤੇ ਸੇਵਾਦਾਰ ਪੰਜਾਬ ਸਿੰਘ ਤੋਂ ਇਲਾਵਾ ਵੱਡੇ ਗਿਣਤੀ 'ਚ ਸੰਗਤਾਂ ਹਾਜ਼ ਸਨ।
Click to Follow Babushahi Facebook Page →