ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਵਿਸਾਖੀ ਮੇਲਾ ਤਲਵੰਡੀ ਸਾਬੋ ਵਿਖੇ ਸਿਹਤ ਸਹੂਲਤਾਂ ਦੀ ਸ਼ੁਰੂਆਤ
ਅਸ਼ੋਕ ਵਰਮਾ
ਬਠਿੰਡਾ, 12 ਅਪ੍ਰੈਲ 2026 : ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਲਵੰਡੀ ਸਾਬੋ, ਵਿਸਾਖੀ ਦੇ ਪਵਿੱਤਰ ਅਵਸਰ ਮੌਕੇ ਸਿਹਤ ਵਿਭਾਗ ਵੱਲੋਂ ਵਿਸ਼ਾਲ ਸਿਹਤ ਸਹੂਲਤਾਂ ਦੀ ਵਿਵਸਥਾ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਤਲਵੰਡੀ ਸਾਬੋ ਹਸਪਤਾਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ਅਤੇ ਪਾਠ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਜਿਸ ਨਾਲ ਪੂਰੇ ਮਾਹੌਲ ਨੂੰ ਆਧਿਆਤਮਿਕ ਰੰਗ ਮਿਲਿਆ।
ਇਸ ਮੌਕੇ ਵਿਸਾਖੀ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਦੀ ਸਹੂਲਤ ਲਈ ਐਨਕਾਂ ਦਾ ਲੰਗਰ ਲਗਾਇਆ ਗਿਆ। ਇਸ ਅਧੀਨ ਅੱਖਾਂ ਦੀ ਜਾਂਚ ਕਰਕੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ, ਜਿਸ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਪ੍ਰਾਪਤ ਹੋਇਆ।
ਖਾਸ ਗੱਲ ਇਹ ਰਹੀ ਕਿ ਵਿਸਾਖੀ ਮੇਲੇ ਦੌਰਾਨ ਹੀ 10 ਆਮ ਆਦਮੀ ਕਲਿਨਿਕ ਵੀ ਲਗਾਏ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਵੀ ਇਸ ਮੌਕੇ ਕੀਤੀ ਗਈ। ਇਹ ਕਲਿਨਿਕ ਮੇਲੇ ਵਿੱਚ ਆਉਣ ਵਾਲੇ ਲੋਕਾਂ ਨੂੰ ਤੁਰੰਤ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕਲਿਨਿਕਾਂ ਵਿੱਚ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਵੱਲੋਂ ਜਾਂਚ, ਦਵਾਈਆਂ ਅਤੇ ਜਰੂਰੀ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਸਿਵਲ ਸਰਜਨ ਡਾਕਟਰ ਤਪਿੰਦਰਜੋਤ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਮੇਲੇ ਵਰਗੇ ਵੱਡੇ ਸਮਾਗਮਾਂ ਦੌਰਾਨ ਵਿਸ਼ੇਸ਼ ਸਿਹਤ ਪ੍ਰਬੰਧ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ 10 ਆਮ ਆਦਮੀ ਕਲਿਨਿਕਾਂ ਦੀ ਸਥਾਪਨਾ ਨਾਲ ਮੇਲੇ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਤੁਰੰਤ ਇਲਾਜ ਦੀ ਸਹੂਲਤ ਮਿਲੇਗੀ। ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਲਈ ਮਾਸ ਮੀਡੀਆ ਵਿੰਗ ਦੀਆਂ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ।
ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ ਰਵੀਕਾਂਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਹੂਲਤਾਂ ਦਾ ਪੂਰਾ ਲਾਭ ਲੈਣ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ 'ਤੇ ਤੁਰੰਤ ਕਲਿਨਿਕਾਂ ਨਾਲ ਸੰਪਰਕ ਕਰਨ ਅਤੇ ਸੰਸਥਾ ਵਿਖੇ ਸੋਮਵਾਰ ਅਤੇ ਮੰਗਲਵਾਰ ਨੂੰ ਲਗਾਏ ਜਾਣ ਵਾਲੇ ਖੂਨਦਾਨ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਆ ਕੇ ਖੂਨਦਾਨ ਕਰਨ।
Click to Follow Babushahi Facebook Page →