ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ; ਪਿੰਡ ਕਲੇਰਾਂ ਦੇ ਵੱਡੀ ਗਿਣਤੀ ਲੋਕ ਵੱਖ-ਵੱਖ ਪਾਰਟੀਆਂ ਛੱਡ ਆਪ 'ਚ ਹੋਏ ਸ਼ਾਮਲ
ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਦੇ ਵੱਡੀ ਗਿਣਤੀ ਲੋਕਾਂ ਨੂੰ ਆਮ ਆਦਮੀ ਪਾਰਟੀ 'ਚ ਕੀਤਾ ਸ਼ਾਮਲ
ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ 'ਚ ਪਾਰਟੀ 'ਚ ਹੋਏ ਸ਼ਾਮਲ: ਚੇਅਰਮੈਨ ਦਲਬੀਰ ਸਿੰਘ ਢਿੱਲੋਂ
ਧੂਰੀ/ਸ਼ੇਰਪੁਰ, 13 ਅਪ੍ਰੈਲ:
ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਧੂਰੀ ਹਲਕੇ ਦੇ ਪਿੰਡ ਕਲੇਰਾਂ ਦੇ ਵੱਡੀ ਗਿਣਤੀ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਾਫ਼-ਸੁਥਰੀ ਅਤੇ ਪਾਰਦਰਸ਼ੀ ਰਾਜਨੀਤੀ, ਲੋਕ-ਪੱਖੀ ਨੀਤੀਆਂ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸ ਕਾਰਨ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਇਤਿਹਾਸਕ ਫੈਸਲੇ ਕੀਤੇ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਲੋਕ ਪੁਰਾਣੀ ਰਾਜਨੀਤੀ ਤੋਂ ਤੰਗ ਆ ਕੇ ਆਮ ਆਦਮੀ ਪਾਰਟੀ ਨੂੰ ਇੱਕ ਵਿਕਲਪ ਵਜੋਂ ਨਹੀਂ, ਸਗੋਂ ਇਕ ਵਿਸ਼ਵਾਸਯੋਗ ਚੋਣ ਵਜੋਂ ਦੇਖ ਰਹੇ ਹਨ।
ਚੇਅਰਮੈਨ ਢਿੱਲੋਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਨਵੇਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਵੀ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ’ਤੇ ਪੂਰਾ ਭਰੋਸਾ ਜਤਾਉਂਦਿਆਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਇਸ ਪਾਰਟੀ ਨਾਲ ਜੁੜ ਕੇ ਆਪਣੇ ਆਪ 'ਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਮਜ਼ਬੂਤ ਕਰਨ ਅਤੇ ਇਲਾਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।
ਇਸ ਮੌਕੇ ਪਿੰਡ ਦੇ ਸਰਪੰਚ ਜਗਜੀਤ ਸਿੰਘ, ਬਲਾਕ ਪ੍ਰਧਾਨ ਸੁਖਦੇਵ ਸਿੰਘ, ਅੰਮ੍ਰਿਤਪਾਲ ਸਿੰਘ ਸਮੇਤ ਪ੍ਰਮੁੱਖ ਆਗੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ।
Click to Follow Babushahi Facebook Page →