ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਕਾਸ ਦੇ ਨਵੇਂ ਯੁੱਗ ਵਿੱਚ ਦਾਖਲ- ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 23 ਅਪ੍ਰੈਲ
ਰੋਹਿਤ ਗੁਪਤਾ
ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਨਾਲ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਨਾਲ ਸੂਬਾ ਵਾਸੀਆਂ ਦੀ ਜ਼ਿੰਦਗੀ ਵਿੱਚ ਸੁਧਾਰ ਆਇਆ ਹੈ ਅਤੇ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁੱਖ ਸਹੂਲਤਾਂ ਦਾ ਨਿੱਘ ਮਾਣ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਇਸਦੇ ਨਾਲ ਹੀ ਗਰੀਬ ਅਤੇ ਲੋੜਵੰਦ ਵਰਗਾਂ ਲਈ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਵੀ ਪਰਿਵਾਰ ਨੂੰ ਖਾਣ-ਪੀਣ ਦੀ ਕਮੀ ਨਾ ਆਵੇ।
ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਕਿਸਾਨਾਂ ਲਈ ਟਿਊਬਵੈੱਲਾਂ ‘ਤੇ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰੱਖ ਕੇ ਖੇਤੀਬਾੜੀ ਨੂੰ ਮਜ਼ਬੂਤ ਕੀਤਾ ਗਿਆ ਹੈ। ਸੂਬੇ ਵਿੱਚ ਨਵੀਆਂ ਸੜਕਾਂ ਦੇ ਨਿਰਮਾਣ ਅਤੇ ਪੁਰਾਣੀਆਂ ਸੜਕਾਂ ਦੀ ਮਰੰਮਤ ਨਾਲ ਆਵਾਜਾਈ ਪ੍ਰਣਾਲੀ ਸੁਧਰੀ ਹੈ ਅਤੇ ਪਿੰਡਾਂ ਤੋਂ ਸ਼ਹਿਰਾਂ ਤੱਕ ਜੁੜਾਅ ਹੋਰ ਮਜ਼ਬੂਤ ਹੋਇਆ ਹੈ।
ਸਿੱਖਿਆ ਖੇਤਰ ਦੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਬੱਚਿਆਂ ਨੂੰ ਉੱਚ ਪੱਧਰੀ ਅਤੇ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਨੌਜਵਾਨਾਂ ਦਾ ਭਵਿੱਖ ਰੌਸ਼ਨ ਹੋ ਰਿਹਾ ਹੈ। ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਂਦੇ ਹੋਏ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਨਜ਼ਦੀਕ ਹੀ ਮੁਫ਼ਤ ਇਲਾਜ ਮਿਲ ਰਿਹਾ ਹੈ, ਜਦਕਿ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਨਾਲ ਹਰ ਪਰਿਵਾਰ ਨੂੰ ਵੱਡੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ—ਕਿਸਾਨ, ਮਜ਼ਦੂਰ, ਵਪਾਰੀ, ਨੌਜਵਾਨ ਅਤੇ ਮਹਿਲਾਵਾਂ, ਸਰਕਾਰ ਦੀਆਂ ਨੀਤੀਆਂ ਨਾਲ ਖੁਸ਼ ਹੈ ਅਤੇ ਵਿਕਾਸ ਕਾਰਜਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਦੇ ਨਵੇਂ ਸ਼ਿਖਰਾਂ ‘ਤੇ ਲਿਜਾਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਅੱਗੇ ਕਿਹਾ ਸਾਡੀ ਸਰਕਾਰ ਦਾ ਮੁੱਖ ਉਦੇਸ਼ ਆਮ ਆਦਮੀ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ ਅਤੇ ਹਰ ਘਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ।
ਇਸ ਮੌਕੇ ਚੇਅਰਮੈਨ ਜਤਿੰਦਰ ਸਿੰਘ, ਹਨੀ ਦਿਓਲ, ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਸਲਾਹਕਾਰ ਹਲਕਾ ਵਿਧਾਇਕ ਪਰਮਬੀਰ ਸਿੰਘ ਰਾਣਾ, ਸਰਪੰਚ ਨਰਿੰਦਰ ਨਿੰਦੀ, ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਯਾਦਪੁਰ, ਸਾਬਕਾ ਚੇਅਰਮੈਨ ਕੁਲਵੰਤਬੀਰ ਸਿੰਘ, ਪੀਏ ਸੁਖਦੇਵ ਰੋਮੀ, ਪੀਏ ਰਾਜੂ ਭਿੰਡਰ, ਸਰਪੰਚ ਤਜਿੰਦਰ ਸੰਧਵਾ ਸਮੇਤ ਕਈ ਹੋਰ ਆਗੂ ਅਤੇ ਵਰਕਰ ਮੌਜੂਦ ਸਨ।
Click to Follow Babushahi Facebook Page →