ਖੇਤਾਂ ਨੂੰ ਅੱਗ ਤੋਂ ਬਚਾਓ, ਵਾਤਾਵਰਣ ਤੇ ਮਿੱਟੀ ਦੀ ਸਿਹਤ ਸੰਭਾਲੋ
ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਮੁੱਖ ਖੇਤੀਬਾੜੀ ਅਫਸਰ ਦੀ ਕਿਸਾਨਾਂ ਨੂੰ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ, 5 ਮਈ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਰਹਿੰਦ-ਖੂੰਦ ਨੂੰ ਅੱਗ ਲਗਾਉਣ ਦੀ ਪ੍ਰਥਾ ‘ਤੇ ਰੋਕ ਲਗਾਉਣ ਲਈ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨੋਡਲ ਅਧਿਕਾਰੀ ਤੈਨਾਤ ਕਰਕੇ ਨਿਗਰਾਨੀ ਪ੍ਰਣਾਲੀ ਮਜ਼ਬੂਤ ਕੀਤੀ ਗਈ ਹੈ, ਤਾਂ ਜੋ ਕਿਸਾਨਾਂ ਨੂੰ ਇਸ ਹਾਨੀਕਾਰਕ ਰੁਝਾਨ ਤੋਂ ਦੂਰ ਰੱਖਿਆ ਜਾ ਸਕੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਸੂਰਤ ਵਿੱਚ ਖੇਤਾਂ ਵਿੱਚ ਰਹਿੰਦ-ਖੂੰਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਪੈਦਾ ਹੋਣ ਵਾਲਾ ਧੂੰਆਂ ਨਾ ਸਿਰਫ ਹਵਾ ਪ੍ਰਦੂਸ਼ਣ ਨੂੰ ਵਧਾਉਂਦਾ ਹੈ, ਸਗੋਂ ਮਨੁੱਖੀ ਸਿਹਤ ਲਈ ਵੀ ਗੰਭੀਰ ਖਤਰਾ ਬਣਦਾ ਹੈ।
ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਮਿੱਟੀ ਦੇ ਜ਼ਰੂਰੀ ਤੱਤ ਅਤੇ ਜੀਵਾਣੂ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਅਗਲੀ ਫਸਲ ਦੀ ਪੈਦਾਵਾਰ ‘ਤੇ ਨਕਾਰਾਤਮਕ ਅਸਰ ਪੈਂਦਾ ਹੈ। ਇਸ ਤੋਂ ਇਲਾਵਾ, ਖੇਤਾਂ ਵਿੱਚ ਰਹਿਣ ਵਾਲੇ ਲਾਭਕਾਰੀ ਕੀੜੇ-ਮਕੌੜੇ ਅਤੇ ਹੋਰ ਜੀਵ ਵੀ ਸੜ ਕੇ ਖਤਮ ਹੋ ਜਾਂਦੇ ਹਨ, ਜਿਸ ਨਾਲ ਕੁਦਰਤੀ ਸੰਤੁਲਨ ਨੂੰ ਨੁਕਸਾਨ ਪਹੁੰਚਦਾ ਹੈ।
ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਕਿਹਾ ਕਿ
ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਰਹਿੰਦ-ਖੂੰਦ ਦੇ ਸੁਚੱਜੇ ਪ੍ਰਬੰਧ ਲਈ ਸਬਸਿਡੀ ਤੇ ਸਹੂਲਤਾਂ ਅਤੇ ਤਕਨੀਕੀ ਸਲਾਹ ਦਿੱਤੀ ਜਾ ਰਹੀ ਹੈ, ਤਾਂ ਜੋ ਬਿਨਾਂ ਅੱਗ ਲਗਾਏ ਅਗਲੀ ਫਸਲ ਦੀ ਬੀਜਾਈ ਸਮੇਂ ਸਿਰ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਰਹਿੰਦ-ਖੂੰਦ ਨੂੰ ਖੇਤਾਂ ਵਿੱਚ ਹੀ ਸੁਚੱਜੇ ਢੰਗ ਨਾਲ ਸੰਭਾਲ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ ਅਤੇ ਖੇਤੀ ਖਰਚ ਵੀ ਘਟਾਇਆ ਜਾ ਸਕਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਕੇ ਅੱਗ ਲਗਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਸਾਰੇ ਕਿਸਾਨ ਵਾਤਾਵਰਣ ਦੀ ਸੰਭਾਲ ਅਤੇ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਜ਼ਿੰਮੇਵਾਰੀ ਨਾਲ ਵਰਤਾਓ ਕਰਨ।
ਜ਼ਿਲ੍ਹਾ ਪ੍ਰਸ਼ਾਸਨ ਨੇ ਸਾਫ ਕੀਤਾ ਕਿ ਖੇਤਾਂ ਵਿੱਚ ਅੱਗ ਲਗਾਉਣ ‘ਤੇ ਰੋਕ ਸਿਰਫ ਕਾਨੂੰਨੀ ਲਾਜ਼ਮੀ ਨਹੀਂ, ਸਗੋਂ ਸਮਾਜਕ ਅਤੇ ਪਰਿਆਵਰਣਕ ਜ਼ਿੰਮੇਵਾਰੀ ਵੀ ਹੈ, ਜਿਸ ਵਿੱਚ ਹਰ ਕਿਸਾਨ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ।
- Download Babushahi App
-
-