ਵੱਡੀ ਖ਼ਬਰ: ਕੈਬਨਿਟ ਮੰਤਰੀ ਸੰਜੀਵ ਅਰੋੜਾ ਪਹੁੰਚੇ ਹਾਈਕੋਰਟ; ਆਪਣੀ ਗ੍ਰਿਫ਼ਤਾਰੀ ਨੂੰ ਦੱਸਿਆ 'ਗੈਰ-ਕਾਨੂੰਨੀ'
Ravi Jakhu
ਚੰਡੀਗੜ੍ਹ, 12 ਮਈ 2026: ਬੀਤੇ ਦਿਨੀਂ ED ਵੱਲੋਂ ਹਿਰਾਸਤ ਵਿੱਚ ਲਏ ਗਏ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕੀਤੀ ਹੈ। ਮੰਤਰੀ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਦਿਆਂ ਆਪਣੀ ਗ੍ਰਿਫ਼ਤਾਰੀ ਨੂੰ "ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ" ਕਰਾਰ ਦਿੱਤਾ ਹੈ ਅਤੇ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।
ਸੰਜੀਵ ਅਰੋੜਾ ਨੇ ਆਪਣੀ ਦਲੀਲ ਵਿੱਚ ਕਿਹਾ ਹੈ ਕਿ ED ਵੱਲੋਂ ਕੀਤੀ ਗਈ ਇਹ ਕਾਰਵਾਈ ਪੂਰੀ ਤਰ੍ਹਾਂ ਮਨਮਾਨੀ ਹੈ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਗ੍ਰਿਫ਼ਤਾਰੀ ਭਾਰਤੀ ਸੰਵਿਧਾਨ ਦੇ ਅਨੁਛੇਦ 14 (ਸਮਾਨਤਾ ਦਾ ਅਧਿਕਾਰ), 21 (ਜੀਵਨ ਅਤੇ ਨਿੱਜੀ ਸੁਤੰਤਰਤਾ ਦੀ ਸੁਰੱਖਿਆ) ਅਤੇ 22 (ਗ੍ਰਿਫ਼ਤਾਰੀ ਵਿਰੁੱਧ ਸੁਰੱਖਿਆ) ਦੇ ਤਹਿਤ ਮਿਲੇ ਮੌਲਿਕ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਬਿਨਾਂ ਕਿਸੇ ਠੋਸ ਅਧਿਕਾਰ ਖੇਤਰ ਦੇ ਅਤੇ ਮਸ਼ੀਨੀ ਤਰੀਕੇ ਨਾਲ ਕੀਤੀ ਗਈ ਹੈ।
ਮੰਤਰੀ ਨੇ ਗੁਰੂਗ੍ਰਾਮ ਦੇ ਸੈਸ਼ਨ ਜੱਜ-ਕਮ-ਵਿਸ਼ੇਸ਼ ਜੱਜ (PMLA) ਦੁਆਰਾ ਜਾਰੀ ਕੀਤੇ ਗਏ ਰਿਮਾਂਡ ਆਦੇਸ਼ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਹੇਠਲੀ ਅਦਾਲਤ ਨੇ ਸੰਜੀਵ ਅਰੋੜਾ ਨੂੰ 16 ਮਈ ਤੱਕ ED ਦੀ ਹਿਰਾਸਤ ਵਿੱਚ ਭੇਜਿਆ ਹੋਇਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਇਸ ਮਾਮਲੇ ਦੀ ਸੁਣਵਾਈ ਦੌਰਾਨ ਕੀ ਫੈਸਲਾ ਸੁਣਾਉਂਦੀ ਹੈ ਅਤੇ ਕੀ ਮੰਤਰੀ ਨੂੰ ਕੋਈ ਰਾਹਤ ਮਿਲਦੀ ਹੈ ਜਾਂ ਨਹੀਂ।
- Download Babushahi App
-
-