ਭਗਵੰਤ ਮਾਨ ਸਰਕਾਰ ਦੇ ਇਤਿਹਾਸਕ ਕਾਰਜਾਂ ਸਹਾਰੇ ਵੋਟਰਾਂ ’ਚ ਜਾਏਗੀ ‘ਆਪ’: ਨੀਲ ਗਰਗ
ਅਸ਼ੋਕ ਵਰਮਾ
ਬਠਿੰਡਾ, 13 ਮਈ 2026 : ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਕਾਰਜਾਂ ਦੇ ਅਧਾਰ ’ਤੇ ਵੋਟਰਾਂ ’ਚ ਜਾਏਗੀ। ਪੂਰੀ ਤਿਆਰੀ ਅਤੇ ਮਜ਼ਬੂਤ ਰਣਨੀਤੀ ਨਾਲ ਮੈਦਾਨ ਵਿੱਚ ਉਤਰਨ ਦਾ ਅਹਿਦ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਅਤੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਦੇ ਵਿਕਾਸ ਅਤੇ ਹੋਰ ਵੱਖ ਵੱਖ ਮੋਰਚਿਆਂ ’ਤੇ ਇਤਿਹਾਸਕ ਕੰਮ ਕੀਤੇ ਹਨ ਜਿਨ੍ਹਾਂ ਨੂੰ ਘਰ-ਘਰ ਤੱਕ ਪਹੁੰਚਾਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਾਸੀਆਂ ਦੇ ਆਸ਼ੀਰਵਾਦ ਨਾਲ ਪਾਰਟੀ ਵੱਡੀ ਜਿੱਤ ਦਰਜ ਕਰੇਗੀ ਅਤੇ 2022 ਵਾਂਗ ਝਾੜੂ ਚੱਲਣਾ ਤੈਅ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੀ ਲੋਕ ਹਮਾਇਤ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨਾਲ ਸਬੰਧਤ ਹਰ ਵਾਰਡ ਵਿੱਚੋਂ ਕਈ-ਕਈ ਉਮੀਦਵਾਰਾਂ ਨੇ ਚੋਣ ਲੜਨ ਲਈ ਅਰਜ਼ੀਆਂ ਦਿੱਤੀਆਂ ਹਨ ਅਤੇ ਲਗਾਤਾਰ ਦੇ ਰਹੇ ਹਨ। ਨੀਲ ਗਰਗ ਨੇ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਉੱਤੇ ਭਰੋਸਾ ਜਤਾਉਣ ਲਈ ਪੂਰੀ ਤਰਾਂ ਤਿਆਰ ਹਨ। ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸਨੇ ਹਰ ਵਰਗ ਦੀ ਬਾਂਹ ਫੜ੍ਹਨ ਨੂੰ ਆਪਣਾ ਧਰਮ ਸਮਝਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਕੀਤੇ ਗਏ ਇਨਕਲਾਬੀ ਸੁਧਾਰਾਂ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਬਦਲੀ ਹੈ ।
ਉਨ੍ਹਾਂ ਕਿਹਾ ਕਿ ਗਰੀਬ ਤੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਹੁਣ ਉੱਚ ਮਿਆਰੀ ਸਿੱਖਿਆ ਮਿਲ ਰਹੀ ਹੈ ਜੋ ਉਹਨਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਲਾਉਣ ਵਾਲੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅਤੇ ਅੱਜ ਆਏ ਨਤੀਜਿਆਂ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮੈਰਿਟਾਂ ’ਚ ਨਾਮ ਦਰਜ ਕਰਵਾਉਣ ਕਾਰਨ ਤਾਂ ਪੰਜਾਬ ਭਰ ਵਿੱਚ ਸਰਕਾਰ ਦ ਵੱਲੋਂ ਸਿੱਖਿਆ ਢਾਂਚੇ ’ਚ ਲਿਆਂਦੇ ਗੁਣਾਤਮਕ ਸੁਧਾਰ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੋਹਲੇ ਆਮ ਆਦਮੀ ਕਲੀਨਕ ਤਾਂ ਸਿਹਤ ਸੇਵਾਵਾਂ ਦੇ ਮਾਮਲੇ ’ਚ ਮੀਲ ਪੱਥਰ ਸਾਬਤ ਹੋ ਰਹੇ ਹਨ ਜਿੱਥੇ ਬਿਨਾਂ ਕਿਸੇ ਭੇਦਭਾਵ ਦਵਾਈਆਂ ਅਤੇ ਟੈਸਟਾਂ ਦੀ ਮੁਫਤ ਸਹੂਲਤ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਲੋਕ-ਹਿਤੈਸ਼ੀ ਫ਼ੈਸਲਿਆਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ, 600 ਯੂਨਿਟ ਮੁਫ਼ਤ ਬਿਜਲੀ, ਬਿਨਾਂ ਸਿਫਾਰਸ਼ ਅਤੇ ਬਿਨਾਂ ਭੇਦਭਾਵ ਦੇ ਸਰਕਾਰੀ ਨੌਕਰੀਆਂ, ਅਤੇ ਨਸ਼ਿਆਂ ਵਿਰੁੱਧ ਚਲਾਈ ਗਈ ਵੱਡੀ ਮੁਹਿੰਮ ਦਾ ਸਭ ਤੋਂ ਵੱਧ ਲਾਭ ਆਮ ਅਤੇ ਗਰੀਬ ਵਰਗ ਨੂੰ ਹੋਇਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਰੋਕਣ ਲਈ ਬਣਾਏ ਨਵੇਂ ਕਾਨੂੰਨ ਦੀ ਵੀ ਹਰ ਪਾਸੇ ਸਰਾਹਨਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਵਿਚ ਜਾ ਕੇ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਅਤੇ ਪੂਰੇ ਕੀਤੇ ਵਾਅਦਿਆਂ ਬਾਰੇ ਜਾਣੂ ਕਰਵਾਏਗੀ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਸਮੇਤ ਜ਼ਿਆਦਾਤਰ ਗਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਗਿਆ ਹੈ। ਇਸੇ ਤਰ੍ਹਾਂ ਸਥਾਨਕ ਸਰਕਾਰਾਂ ਵਿੱਚ ਵੀ ਸਫਾਈ, ਸਟਰੀਟ ਲਾਈਟਾਂ, ਸੜਕਾਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਦੇ ਵਾਅਦੇ ਨਾਲ ਪਾਰਟੀ ਲੋਕਾਂ ਦੇ ਦਰ ’ਤੇ ਜਾਵੇਗੀ। ਨੀਲ ਗਰਗ ਨੇ ਵਿਸ਼ਵਾਸ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ-ਹਿਤੈਸ਼ੀ ਨੀਤੀਆਂ ਦੇ ਆਧਾਰ ’ਤੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਵਿੱਚ ਵੀ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਹੋਵੇਗਾ।
- Download Babushahi App
-
-