ਬੇਅਦਬੀ-ਵਿਰੋਧੀ ਕਾਨੂੰਨ ਬਾਰੇ ਜਥੇਦਾਰ ਅਕਾਲ ਤਖ਼ਤ ਦੇ ਇਤਰਾਜ਼ਾਂ ਤੋਂ ਪੰਜਾਬ ਸਰਕਾਰ ਨੂੰ ਜਾਣੂ ਕਰਵਾਇਆ: ਰਾਜਪਾਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 30 ਮਈ, 2026: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਕ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਵੱਲੋਂ ਪ੍ਰਗਟਾਏ ਗਏ ਇਤਰਾਜ਼ਾਂ ਬਾਰੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਹੈ।
ਅੱਜ ਇੱਕ ਨਿੱਜੀ ਚੈਨਲ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਜਥੇਦਾਰ ਸਾਹਿਬ ਵੱਲੋਂ ਉਠਾਏ ਗਏ ਨੁਕਤਿਆਂ ਬਾਰੇ ਸਰਕਾਰ ਨੂੰ ਦੱਸਣ ਤੋਂ ਬਾਅਦ ਹੁਣ ਉਹ ਅਗਲੇ ਕਦਮ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦ ਕੇ ਇਸ ਬਾਰੇ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਇਸ ਸੰਵੇਦਨਸ਼ੀਲ ਮੁੱਦੇ ਦੇ ਹੱਲ ਲਈ ਦੋਵਾਂ ਧਿਰਾਂ (ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ/ਸ਼੍ਰੋਮਣੀ ਕਮੇਟੀ) ਦੀ ਆਹਮੋ-ਸਾਹਮਣੇ ਬੈਠਕ ਕਰਵਾਈ ਜਾਵੇ। ਰਾਜਪਾਲ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਧਰਮ ਦੇ ਮਾਮਲੇ ਵਿੱਚ ਬੇਅਦਬੀ ਬਿਲਕੁਲ ਨਹੀਂ ਹੋਣੀ ਚਾਹੀਦੀ।
ਸਰਹੱਦੀ ਸੁਰੱਖਿਆ ਅਤੇ ਡਰੋਨ ਤਸਕਰੀ 'ਤੇ ਚਿੰਤਾ ਗੱਲਬਾਤ ਦੌਰਾਨ ਰਾਜਪਾਲ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਹੋ ਰਹੀ ਨਸ਼ਾ ਤਸਕਰੀ 'ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਡਰੋਨ ਤਸਕਰੀ ਨੂੰ ਰੋਕਣ ਵਾਸਤੇ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਪਹਿਲਾਂ ਡਰੋਨ ਸਿਰਫ਼ ਸਰਹੱਦ ਦੇ ਕੁਝ ਸੀਮਤ ਦਾਇਰੇ ਤੱਕ ਹੀ ਨਸ਼ਾ ਸੁੱਟਦੇ ਸਨ, ਪਰ ਹੁਣ ਇਹ ਕਾਫ਼ੀ ਅੰਦਰ ਤੱਕ ਆ ਕੇ ਖੇਪ ਸੁੱਟ ਰਹੇ ਹਨ। ਇਸ ਗੰਭੀਰ ਚੁਣੌਤੀ ਨਾਲ ਨਜਿੱਠਣ ਵਾਸਤੇ ਪੰਜਾਬ ਸਰਕਾਰ ਅਤੇ ਬੀ.ਐਸ.ਐਫ. (BSF) ਆਪਸੀ ਤਾਲਮੇਲ ਨਾਲ ਰਲ ਕੇ ਕੰਮ ਕਰ ਰਹੇ ਹਨ।
ਮਾਮਲੇ ਦਾ ਸਿਆਸੀ ਪਿਛੋਕੜ ਚੇਤੇ ਰਹੇ ਕਿ ਪਿਛਲੇ ਹਫ਼ਤੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਵਿਖੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਬੇਅਦਬੀ ਵਿਰੋਧੀ ਐਕਟ ਦੀਆਂ ਉਨ੍ਹਾਂ ਖ਼ਾਸ ਧਾਰਾਵਾਂ ਬਾਰੇ ਰਾਜਪਾਲ ਨੂੰ ਜਾਣੂ ਕਰਵਾਇਆ ਸੀ, ਜਿਨ੍ਹਾਂ 'ਤੇ ਸਮੁੱਚੇ ਸਿੱਖ ਜਗਤ ਨੂੰ ਸਖ਼ਤ ਇਤਰਾਜ਼ ਹੈ ਅਤੇ ਜੋ ਸਿੱਖ ਮਰਿਆਦਾ ਦੇ ਖ਼ਿਲਾਫ਼ ਹਨ। ਉਦੋਂ ਵੀ ਰਾਜਪਾਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਇਸ ਮੁੱਦੇ ਨੂੰ ਸਰਕਾਰ ਕੋਲ ਉਠਾਉਣਗੇ।
ਦੂਜੇ ਪਾਸੇ, ਇਹ ਵੀ ਜ਼ਿਕਰਯੋਗ ਹੈ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਐਕਟ ਦੀਆਂ ਧਾਰਾਵਾਂ ਵਿੱਚ ਸੋਧ ਕਰਨ ਦੀ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਮੂਲੋਂ ਰੱਦ ਕਰ ਚੁੱਕੇ ਹਨ। ਮੁੱਖ ਮੰਤਰੀ ਦੋ-ਤਿੰਨ ਵਾਰ ਜਨਤਕ ਤੌਰ 'ਤੇ ਇਹ ਸਪਸ਼ਟ ਕਰ ਚੁੱਕੇ ਹਨ ਕਿ ਇਸ ਐਕਟ ਵਿੱਚ ਕਿਸੇ ਵੀ ਕਿਸਮ ਦੀ ਕੋਈ ਸੋਧ ਨਹੀਂ ਕੀਤੀ ਜਾਵੇਗੀ। ਅਜਿਹੀ ਸਥਿਤੀ ਵਿੱਚ ਰਾਜਪਾਲ ਵੱਲੋਂ ਦੋਵਾਂ ਧਿਰਾਂ ਨੂੰ ਆਹਮੋ-ਸਾਹਮਣੇ ਬਿਠਾਉਣ ਦੀ ਇਹ ਕੋਸ਼ਿਸ਼ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।
- Download Babushahi App
-
-