ਅਕਾਲੀ ਦਲ 'ਚ ਦਵਿੰਦਰਜੀਤ ਸਿੰਘ ਸਿੱਧੂ ਦੀ ਜੁਆਇਨਿੰਗ ਬਣੀ ਚਰਚਾ ਦਾ ਵਿਸ਼ਾ; ਪਹਿਲਾਂ ਤੋਂ ਪਾਰਟੀ ਨਾਲ ਜੁੜੇ ਹੋਣ ਦੇ ਦਾਅਵਿਆਂ ਨੇ ਖੜ੍ਹੇ ਕੀਤੇ ਕਈ ਸਵਾਲ
ਦੀਪਕ ਜੈਨ
ਜਗਰਾਉਂ 1 ਜੂਨ 2026- ਨਗਰ ਕੌਂਸਲ ਚੋਣਾਂ 2026 ਵਿੱਚ ਵਾਰਡ ਨੰਬਰ 4 ਤੋਂ ਆਜ਼ਾਦ ਉਮੀਦਵਾਰ ਵਜੋਂ ਜੇਤੂ ਰਹੇ ਦਵਿੰਦਰਜੀਤ ਸਿੰਘ ਸਿੱਧੂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਹਲਕਾ ਜਗਰਾਉਂ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਐੱਸ. ਆਰ. ਕਲੇਰ ਵੀ ਮੌਜੂਦ ਸਨ।
ਇਸ ਜੁਆਇਨਿੰਗ ਸਮਾਗਮ ਤੋਂ ਬਾਅਦ ਸਥਾਨਕ ਰਾਜਨੀਤਿਕ ਹਲਕਿਆਂ ਵਿੱਚ ਕਈ ਸਵਾਲ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਪ੍ਰਾਪਤ ਜਾਣਕਾਰੀ, ਜਨਤਕ ਤੌਰ 'ਤੇ ਉਪਲਬਧ ਪੁਰਾਣੀਆਂ ਖਬਰਾਂ ਅਤੇ ਸੋਸ਼ਲ ਮੀਡੀਆ 'ਤੇ ਮੌਜੂਦ ਸਮੱਗਰੀ ਅਨੁਸਾਰ ਦਵਿੰਦਰਜੀਤ ਸਿੰਘ ਸਿੱਧੂ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਦੱਸੇ ਜਾਂਦੇ ਰਹੇ ਹਨ। ਵੱਖ-ਵੱਖ ਸਮਿਆਂ ਦੌਰਾਨ ਪ੍ਰਕਾਸ਼ਿਤ ਖਬਰਾਂ ਵਿੱਚ ਉਨ੍ਹਾਂ ਦਾ ਜ਼ਿਕਰ ਪਾਰਟੀ ਦੇ ਪੀ.ਏ.ਸੀ. ਮੈਂਬਰ ਵਜੋਂ ਵੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਦਵਿੰਦਰਜੀਤ ਸਿੰਘ ਸਿੱਧੂ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤਿਆਂ 'ਤੇ ਸਾਂਝੀਆਂ ਕੀਤੀਆਂ ਗਈਆਂ ਪੁਰਾਣੀਆਂ ਪੋਸਟਾਂ ਅਤੇ ਤਸਵੀਰਾਂ ਵਿੱਚ ਵੀ ਉਨ੍ਹਾਂ ਨੂੰ ਅਕਾਲੀ ਦਲ ਨਾਲ ਸਰਗਰਮ ਤੌਰ 'ਤੇ ਜੁੜਿਆ ਹੋਇਆ ਵੇਖਿਆ ਜਾ ਸਕਦਾ ਹੈ। ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੀ ਇੱਕ ਤਸਵੀਰ ਵਿੱਚ ਉਹ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲਾ ਪਰਨਾ ਪਹਿਨ ਕੇ ਅਕਾਲੀ ਦਲ ਦੇ ਉਮੀਦਵਾਰ ਐੱਸ. ਆਰ. ਕਲੇਰ ਦੇ ਹੱਕ ਵਿੱਚ ਐਸ.ਆਰ ਕਲੇਰ ਦੀ ਧਰਮ ਪਤਨੀ ਨਾਲ ਚੋਣ ਪ੍ਰਚਾਰ ਕਰਦੇ ਵੀ ਨਜ਼ਰ ਆ ਰਹੇ ਹਨ।
ਇਸ ਪਿਛੋਕੜ ਵਿੱਚ ਇਹ ਸਵਾਲ ਉੱਠ ਰਹੇ ਹਨ ਕਿ ਜੇਕਰ ਦਵਿੰਦਰਜੀਤ ਸਿੰਘ ਸਿੱਧੂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਕਦੇ ਵੀ ਪਾਰਟੀ ਤੋਂ ਬਾਹਰ ਕੱਢੇ ਜਾਣ ਸਬੰਧੀ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ, ਤਾਂ ਫਿਰ ਉਨ੍ਹਾਂ ਨੂੰ ਦੁਬਾਰਾ ਪਾਰਟੀ ਵਿੱਚ ਸ਼ਾਮਲ ਕਰਨ ਦੀ ਲੋੜ ਕਿਉਂ ਪਈ?
ਇਸੇ ਤਰ੍ਹਾਂ ਇਹ ਗੱਲ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਜੇਕਰ ਉਹ ਅਕਾਲੀ ਦਲ ਨਾਲ ਜੁੜੇ ਹੋਏ ਸਨ ਤਾਂ ਉਨ੍ਹਾਂ ਨੇ ਨਗਰ ਕੌਂਸਲ ਚੋਣਾਂ 2026 ਦੌਰਾਨ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਲੜਨ ਦੀ ਬਜਾਏ ਆਜ਼ਾਦ ਉਮੀਦਵਾਰ ਵਜੋਂ ਚੋਣ ਕਿਉਂ ਲੜੀ। ਸ਼ਹਿਰ ਦੇ ਰਾਜਨੀਤਿਕ ਹਲਕਿਆਂ ਅਤੇ ਆਮ ਲੋਕਾਂ ਵਿੱਚ ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਜਾਰੀ ਹਨ।
ਕੁਝ ਰਾਜਨੀਤਿਕ ਹਲਕਿਆਂ ਵਿੱਚ ਇਹ ਚਰਚਾ ਵੀ ਸੁਣਨ ਨੂੰ ਮਿਲ ਰਹੀ ਹੈ ਕਿ ਪਾਰਟੀ ਦੇ ਕੋਰ ਕਮੇਟੀ ਮੈਂਬਰ ਐੱਸ. ਆਰ. ਕਲੇਰ ਵੱਲੋਂ ਦਵਿੰਦਰਜੀਤ ਸਿੰਘ ਸਿੱਧੂ ਦੀ ਜੁਆਇਨਿੰਗ ਨੂੰ ਇੱਕ ਰਾਜਨੀਤਿਕ ਪ੍ਰਾਪਤੀ ਵਜੋਂ ਪੇਸ਼ ਕੀਤਾ ਗਿਆ, ਜਦਕਿ ਜਨਤਕ ਤੌਰ 'ਤੇ ਉਪਲਬਧ ਜਾਣਕਾਰੀ ਅਨੁਸਾਰ ਉਹ ਪਹਿਲਾਂ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਦੱਸੇ ਜਾਂਦੇ ਰਹੇ ਹਨ। ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਕ ਪੁਸ਼ਟੀ ਸਾਹਮਣੇ ਨਹੀਂ ਆਈ ਹੈ।
ਜਦੋਂ ਇਸ ਮਾਮਲੇ ਸਬੰਧੀ ਹਲਕਾ ਜਗਰਾਉਂ ਦੇ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਐੱਸ. ਆਰ. ਕਲੇਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਦਵਿੰਦਰਜੀਤ ਸਿੰਘ ਸਿੱਧੂ ਨੂੰ ਅੱਜ ਹੀ ਅਧਿਕਾਰਕ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਹੈ।
ਜਦੋਂ ਉਨ੍ਹਾਂ ਤੋਂ ਪੁਰਾਣੀਆਂ ਖਬਰਾਂ ਅਤੇ ਸੋਸ਼ਲ ਮੀਡੀਆ 'ਤੇ ਮੌਜੂਦ ਜਾਣਕਾਰੀ ਬਾਰੇ ਪੁੱਛਿਆ ਗਿਆ, ਜਿਸ ਵਿੱਚ ਦਵਿੰਦਰਜੀਤ ਸਿੰਘ ਸਿੱਧੂ ਨੂੰ ਪਹਿਲਾਂ ਤੋਂ ਅਕਾਲੀ ਦਲ ਨਾਲ ਜੁੜਿਆ ਹੋਇਆ ਦਰਸਾਇਆ ਗਿਆ ਹੈ, ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਦਵਿੰਦਰਜੀਤ ਸਿੰਘ ਸਿੱਧੂ ਹੀ ਆਪਣਾ ਪੱਖ ਸਪੱਸ਼ਟ ਕਰ ਸਕਦੇ ਹਨ।
ਇਸ ਦੌਰਾਨ ਜਦੋਂ ਐੱਸ. ਆਰ. ਕਲੇਰ ਤੋਂ ਇਹ ਵੀ ਪੁੱਛਿਆ ਗਿਆ ਕਿ ਜੇਕਰ ਦਵਿੰਦਰਜੀਤ ਸਿੰਘ ਸਿੱਧੂ ਪਹਿਲਾਂ ਹੀ ਪਾਰਟੀ ਨਾਲ ਜੁੜੇ ਹੋਏ ਸਨ ਤਾਂ ਉਨ੍ਹਾਂ ਨੂੰ ਕਦੋਂ ਅਤੇ ਕਿਹੜੇ ਕਾਰਨਾਂ ਕਰਕੇ ਪਾਰਟੀ ਤੋਂ ਬਾਹਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਨ ਦੀ ਲੋੜ ਪਈ, ਤਾਂ ਇਸ ਸਵਾਲ ਸਬੰਧੀ ਵੀ ਉਨ੍ਹਾਂ ਵੱਲੋਂ ਕੋਈ ਸਪੱਸ਼ਟ ਜਾਂ ਠੋਸ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕੇਵਲ ਇਹੀ ਕਿਹਾ ਕਿ ਦਵਿੰਦਰਜੀਤ ਸਿੰਘ ਸਿੱਧੂ ਨੂੰ ਅੱਜ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਫੋਨ ਕਾਲ ਸਮਾਪਤ ਕਰ ਦਿੱਤੀ।
ਦੂਜੇ ਪਾਸੇ, ਦਵਿੰਦਰਜੀਤ ਸਿੰਘ ਸਿੱਧੂ ਦਾ ਪੱਖ ਜਾਣਨ ਲਈ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਖਬਰ ਲਿਖੇ ਜਾਣ ਤੱਕ ਉਨ੍ਹਾਂ ਵੱਲੋਂ ਫੋਨ ਰਿਸੀਵ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਪ੍ਰਤੀਕਿਰਿਆ ਪ੍ਰਾਪਤ ਹੋ ਸਕੀ।
- Download Babushahi App
-
-