MC ਚੋਣਾਂ: ਭਾਜਪਾ ਵੱਲੋਂ DC ਤੋਂ ਲੈ ਕੇ ਹਾਈਕੋਰਟ ਤੱਕ ਲੜਾਈ ਲੜਨ ਦਾ ਐਲਾਨ
ਜਿੱਤ ਰਹੇ 14 ਉਮੀਦਵਾਰਾਂ ਨੂੰ ਹਰਾਉਣ ਦਾ ਲਾਇਆ ਦੋਸ਼
ਅਸ਼ੋਕ ਵਰਮਾ
ਬਠਿੰਡਾ, 2 ਜੂਨ 2026 : ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੇ ਵੀ ਸੰਘਰਸ਼ ਦਾ ਰਾਹ ਅਖਤਿਆਰ ਕਰਨ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਮੰਗਲਵਾਰ ਨੂੰ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਨਗਰ ਨਿਗਮ ਚੋਣਾਂ ਦੀ ਵੋਟਾਂ ਦੀ ਗਿਣਤੀ ਦੌਰਾਨ ਵੱਡੇ ਪੱਧਰ ’ਤੇ ਘਪਲੇਬਾਜੀ ਕੀਤੀ ਗਈ, ਜਿਸ ਕਾਰਨ ਭਾਜਪਾ ਦੇ ਜਿੱਤ ਰਹੇ ਉਮੀਦਵਾਰਾਂ ਨੂੰ ਜਾਣਬੁੱਝ ਕੇ ਹਾਰਿਆ ਹੋਇਆ ਐਲਾਨ ਦਿੱਤਾ ਗਿਆ। ਸਰੂਪ ਸਿੰਗਲਾ ਨੇ ਕਿਹਾ ਕਿ ਭਾਜਪਾ ਪਹਿਲਾਂ ਜ਼ਿਲ੍ਹਾ ਡਿਪਟੀ ਕਮਿਸ਼ਨਰ (ਡੀਸੀ) ਕੋਲ ਮੁੜ ਵੋਟਾਂ ਦੀ ਗਿਣਤੀ ਦੀ ਮੰਗ ਰੱਖੇਗੀ। ਜੇਕਰ ਉੱਥੋਂ ਇਨਸਾਫ਼ ਨਾ ਮਿਲਿਆ ਤਾਂ ਪਾਰਟੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਏਗੀ।
ਉਨ੍ਹਾਂ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਅਤੇ ਪਾਰਟੀ ਨੂੰ ਪੂਰੇ ਸ਼ਹਿਰ ਵਿੱਚੋਂ ਲਗਭਗ 25 ਹਜ਼ਾਰ ਵੋਟਾਂ ਪ੍ਰਾਪਤ ਹੋਈਆਂ, ਪਰ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਦਬਾਅ ਕਾਰਨ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਗਿਆ।
ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਦੋਸ਼ ਲਾਇਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਸਵੇਰੇ ਕਰੀਬ 11 ਵਜੇ ਤੱਕ ਭਾਜਪਾ, ਆਜ਼ਾਦ ਉਮੀਦਵਾਰਾਂ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਅੱਗੇ ਚੱਲ ਰਹੇ ਸਨ। ਇਹ ਸਥਿਤੀ ਦੇਖ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੱਤਾਧਾਰੀ ਪਾਰਟੀ ਦੇ ਆਗੂਆਂ ਵਿੱਚ ਬੇਚੈਨੀ ਫੈਲ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਅਚਾਨਕ ਗਿਣਤੀ ਦੀ ਪ੍ਰਕਿਰਿਆ ਰੋਕ ਦਿੱਤੀ ਗਈ ਅਤੇ ਦੁਪਹਿਰ ਕਰੀਬ ਢਾਈ ਵਜੇ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ।
ਸਿੰਗਲਾ ਨੇ ਦੋਸ਼ ਲਾਇਆ ਕਿ ਗਿਣਤੀ ਰੁਕਣ ਦੌਰਾਨ ਵੋਟਾਂ ਦੀ ਗਿਣਤੀ ਕਰ ਰਹੀਆਂ ਮਹਿਲਾ ਕਰਮਚਾਰੀਆਂ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਨਵਾਂ ਪੁਰਸ਼ ਸਟਾਫ਼ ਤਾਇਨਾਤ ਕੀਤਾ ਗਿਆ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਦੌਰਾਨ ਵੱਡੇ ਪੱਧਰ ’ਤੇ ਕਥਿਤ ਹੇਰਾਫੇਰੀ ਕੀਤੀ ਗਈ ਅਤੇ ਭਾਜਪਾ ਉਮੀਦਵਾਰਾਂ ਨੂੰ ਖ਼ਾਸ ਤੌਰ ’ਤੇ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਭਾਜਪਾ ਉਮੀਦਵਾਰਾਂ ਨੇ ਮੁੜ ਗਿਣਤੀ ਦੀ ਮੰਗ ਵੀ ਕੀਤੀ, ਪਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ।
ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ 14 ਅਜਿਹੇ ਉਮੀਦਵਾਰ ਸਨ ਜੋ ਚੋਣ ਜਿੱਤ ਰਹੇ ਸਨ, ਪਰ ਘਪਲੇਬਾਜੀ ਰਾਹੀਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸਿੰਗਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੂੰ ਹਰਾਉਣ ਅਤੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਗਿਣਤੀ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕੀਤੀ।
ਭਾਜਪਾ ਆਗੂ ਨੇ ਕਿਹਾ ਕਿ ਪਾਰਟੀ ਆਪਣੇ ਸਾਰੇ ਪ੍ਰਭਾਵਿਤ ਉਮੀਦਵਾਰਾਂ ਨਾਲ ਡਟ ਕੇ ਖੜ੍ਹੀ ਹੈ ਅਤੇ 14 ਉਮੀਦਵਾਰਾਂ ਨਾਲ ਹੋਏ ਕਥਿਤ ਅਨਿਆਇ ਖ਼ਿਲਾਫ਼ ਕਾਨੂੰਨੀ ਅਤੇ ਲੋਕਤੰਤਰੀ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨੂੰ ਕਾਇਮ ਰੱਖਣ ਲਈ ਵੋਟਾਂ ਦੀ ਮੁੜ ਗਿਣਤੀ ਬਹੁਤ ਜ਼ਰੂਰੀ ਹੈ।ਇਸ ਮੌਕੇ ’ਤੇ ਨਗਰ ਨਿਗਮ ਚੋਣ ਲੜਨ ਵਾਲੇ ਭਾਜਪਾ ਦੇ ਸਾਰੇ ਉਮੀਦਵਾਰ ਅਤੇ ਪਾਰਟੀ ਦੇ ਕਈ ਸੀਨੀਅਰ ਅਹੁਦੇਦਾਰ ਵੀ ਮੌਜੂਦ ਸਨ। ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ’ਤੇ ਸਕਾਰਾਤਮਕ ਕਾਰਵਾਈ ਨਾ ਕੀਤੀ ਤਾਂ ਪਾਰਟੀ ਨਿਆਂਇਕ ਪੱਧਰ ’ਤੇ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।
- Download Babushahi App
-
-