ਪੰਜਾਬ ਭਰ 'ਚ SIR ਤਹਿਤ ਪੋਲਿੰਗ ਸਟੇਸ਼ਨਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪ- ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਲਾਹਾ
ਪੰਜਾਬ ਭਰ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਲਈ ਵਿਸ਼ੇਸ਼ ਮੁਹਿੰਮ: ਪੋਲਿੰਗ ਸਟੇਸ਼ਨਾਂ 'ਤੇ ਲੱਗੇ ਕੈਂਪਾਂ 'ਚ ਲੋਕਾਂ ਦਾ ਭਾਰੀ ਉਤਸ਼ਾਹ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਜੂਨ 2026: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਅਤੇ ਉਨ੍ਹਾਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਵਿੱਢੀ ਗਈ 'ਸਪੈਸ਼ਲ ਇੰਟੈਂਸਿਵ ਰਿਵੀਜ਼ਨ' (SIR) ਮੁਹਿੰਮ ਤਹਿਤ ਅੱਜ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਨੂੰ ਦੂਰ ਕਰਨਾ ਹੈ।

ਚੋਣ ਦਫਤਰ ਦੇ ਬੁਲਾਰੇ ਨੇ ਨੇ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਪ੍ਰੀ-ਐਸ.ਆਈ.ਆਰ. (Pre-SIR) ਤਹਿਤ ਵੋਟਰਾਂ ਦੀ ਮੈਪਿੰਗ ਦਾ ਕੰਮ ਪੂਰੇ ਜੋਰਾਂ 'ਤੇ ਹੈ। ਤਾਜ਼ਾ ਅੰਕੜਿਆਂ ਅਨੁਸਾਰ, ਰਾਜ ਵਿੱਚ ਹੁਣ ਤੱਕ 84.62% ਮੈਪਿੰਗ ਦਾ ਕੰਮ ਪੂਰਾ ਹੋ ਚੁੱਕਾ ਹੈ, ਜਿਸ ਨੂੰ 90% ਤੱਕ ਲਿਜਾਣ ਦਾ ਟੀਚਾ ਮਿੱਥਿਆ ਗਿਆ ਹੈ। ਅੱਜ ਦੇ ਕੈਂਪਾਂ ਵਿੱਚ ਵੋਟਰਾਂ ਵੱਲੋਂ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਨਵੇਂ ਵੋਟਰਾਂ ਵੱਲੋਂ ਰਜਿਸਟ੍ਰੇਸ਼ਨ ਲਈ ਵੱਡੀ ਭੀੜ ਦੇਖੀ ਗਈ।

.jpg)
ਚੋਣ ਅਫ਼ਸਰ ਨੇ ਦੱਸਿਆ ਇੰਟੈਂਸਿਵ ਰਿਵੀਜ਼ਨ ਦੇ ਸ਼ਡਿਊਲ ਵਿੱਚ ਸੋਧ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੋਧੇ ਸ਼ਡਿਊਲ ਅਨੁਸਾਰ ਹੁਣ 25 ਜੂਨ 2026 ਤੋਂ 24 ਜੁਲਾਈ 2026 ਤੱਕ ਸਮੂਹ ਬੀ ਐਲ ਓਜ ਘਰ ਘਰ ਜਾਣਗੇ ।
.jpg)
ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ। ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਲਏ ਜਾਣਗੇ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ (Final Roll) 01-10-2026 ਨੂੰ ਕੀਤੀ ਜਾਵੇਗੀ।

ਚੋਣ ਅਫ਼ਸਰਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੋਟਰ ਦੀ ਮੈਪਿੰਗ ਪ੍ਰੀ-ਐਸ.ਆਈ.ਆਰ. ਦੌਰਾਨ ਨਹੀਂ ਵੀ ਹੋਈ, ਤਾਂ ਵੀ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਅਜਿਹੀ ਸਥਿਤੀ ਵਿੱਚ ਚੋਣ ਅਮਲਾ ਸਿਰਫ਼ ਦਸਤਾਵੇਜ਼ੀ ਤਸਦੀਕ ਦੀ ਮੰਗ ਕਰੇਗਾ। ਸੂਬੇ ਭਰ ਦੀਆਂ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬੂਥ ਲੈਵਲ ਏਜੰਟ (BLA) ਨਿਯੁਕਤ ਕਰਨ ਤਾਂ ਜੋ ਇਹ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚੜ੍ਹ ਸਕੇ।
- Download Babushahi App
-
-