MP ਮਲਵਿੰਦਰ ਸਿੰਘ ਕੰਗ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ 38.43 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ
ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਦੀ ਮੁੱਖ ਤਰਜੀਹ – ਮਲਵਿੰਦਰ ਸਿੰਘ ਕੰਗ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਸ਼ਨਗਰ, ਸ੍ਰੀ ਚਮਕੌਰ ਸਾਹਿਬ, 12 ਜੂਨ:
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ ਵੱਲੋਂ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 38.43 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਸੰਸਦ ਮੈਂਬਰ ਸ. ਕੰਗ ਨੇ ਆਪਣੇ ਦੌਰੇ ਦੌਰਾਨ ਪਿੰਡ ਸੋਤਲ ਵਿਖੇ 3.50 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਟੈਂਕਰ, ਬਡਵਾਲੀ ਵਿਖੇ 3.50 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਟੈਂਕਰ, ਮਾਜਰੀ ਵਿਖੇ 3.00 ਲੱਖ ਰੁਪਏ ਦੀ ਲਾਗਤ ਨਾਲ ਇਨਡੋਰ ਜਿਮ, ਓਇੰਦ ਵਿਖੇ 3.00 ਲੱਖ ਰੁਪਏ ਦੀ ਲਾਗਤ ਨਾਲ ਇਨਡੋਰ ਜਿਮ ਅਤੇ ਚਮਕੌਰ ਸਾਹਿਬ ਸ਼ਹਿਰ ਦੇ ਵਾਰਡ ਨੰਬਰ 10 ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਬਾਸਕਟਬਾਲ ਗਰਾਊਂਡ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਹਾਫਿਜਾਬਾਦ ਵਿਖੇ 3.50 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਟੈਂਕਰ, ਮਨਸੂਹਾਂ ਕਲਾਂ ਵਿਖੇ 1.50 ਲੱਖ ਰੁਪਏ ਦੀ ਲਾਗਤ ਨਾਲ ਆਰ.ਸੀ.ਸੀ. ਬੈਂਚਾਂ, ਸਲਾਪੁਰ (ਦਸ਼ਮੇਸ਼ ਮਾਰਕੀਟ) ਵਿਖੇ 2.93 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਲਾਈਟਾਂ, ਲੋਹਾਰੀ ਵਿਖੇ 3.50 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਟੈਂਕਰ ਅਤੇ ਚਿੰਤਗੜ੍ਹ ਵਿਖੇ 3.50 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਟੈਂਕਰ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।
ਸ. ਕੰਗ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਵਾਟਰ ਟੈਂਕਰਾਂ ਦੀ ਸਹੂਲਤ ਨਾਲ ਪੀਣ ਵਾਲੇ ਪਾਣੀ ਦੀ ਉਪਲਬਧਤਾ ਵਿੱਚ ਸੁਧਾਰ ਹੋਵੇਗਾ, ਜਦਕਿ ਇਨਡੋਰ ਜਿਮ ਅਤੇ ਬਾਸਕਟਬਾਲ ਗਰਾਊਂਡ ਵਰਗੇ ਪ੍ਰੋਜੈਕਟ ਨੌਜਵਾਨਾਂ ਨੂੰ ਖੇਡਾਂ ਅਤੇ ਤੰਦਰੁਸਤ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਵਿੱਚ ਸਹਾਇਕ ਸਾਬਤ ਹੋਣਗੇ। ਇਸੇ ਤਰ੍ਹਾਂ ਸੋਲਰ ਲਾਈਟਾਂ ਨਾਲ ਊਰਜਾ ਬਚਤ ਨੂੰ ਉਤਸ਼ਾਹ ਮਿਲੇਗਾ ਅਤੇ ਆਰ.ਸੀ.ਸੀ. ਬੈਂਚਾਂ ਨਾਲ ਲੋਕਾਂ ਨੂੰ ਜਨਤਕ ਥਾਵਾਂ ’ਤੇ ਬੈਠਣ ਦੀ ਬਿਹਤਰ ਸਹੂਲਤ ਪ੍ਰਾਪਤ ਹੋਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੰਗਾਂ ਅਤੇ ਸਥਾਨਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰਿਕਾਰਡ ਪੱਧਰ ’ਤੇ ਵਿਕਾਸ ਫੰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।
ਸੰਸਦ ਮੈਂਬਰ ਨੇ ਕਿਹਾ ਕਿ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਦੀ ਲੜੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਯੋਜਨਾ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਲੋਕ ਸਭਾ ਮੈਂਬਰ ਸ. ਮਲਵਿੰਦਰ ਸਿੰਘ ਕੰਗ ਦਾ ਹਲਕੇ ਦੇ ਵਿਕਾਸ ਲਈ ਲਗਾਤਾਰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵੱਲੋਂ ਆਪਣੇ ਸੰਸਦੀ ਖੇਤਰ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੀਆਂ ਲੋੜਾਂ ਨੂੰ ਸਮਝਦਿਆਂ ਵਿਕਾਸ ਕਾਰਜਾਂ ਲਈ ਫੰਡ ਉਪਲਬਧ ਕਰਵਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।
ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਥਾਨਕ ਲੋਕ ਪ੍ਰਤੀਨਿਧੀਆਂ ਦੇ ਆਪਸੀ ਤਾਲਮੇਲ ਨਾਲ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਵਿਕਾਸ ਦੀ ਨਵੀਂ ਲਹਿਰ ਆਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਖੇਡਾਂ, ਪੀਣ ਵਾਲੇ ਪਾਣੀ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਹੋਰ ਵਿਕਾਸ ਪ੍ਰੋਜੈਕਟ ਵੀ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਇਸ ਮੌਕੇ ਸਥਾਨਕ ਪੰਚਾਇਤਾਂ ਦੇ ਨੁਮਾਇੰਦੇ, ਨਗਰ ਕੌਂਸਲ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
- Download Babushahi App
-
-