ਅਗਾਮੀ ਚੋਣਾਂ ਲਈ ਭਾਜਪਾ ਨੇ ਬੂਥ ਪੱਧਰ ‘ਤੇ ਤਿਆਰੀਆਂ ਕੀਤੀਆਂ ਤੇਜ਼
ਰੂਪਨਗਰ ਚ ਕੌਮੀ ਸਕੱਤਰ ਓਮ ਪ੍ਰਕਾਸ਼ ਧਨਖੜ ਨੇ ਦਿੱਤਾ ਸੰਗਠਨ ਮਜ਼ਬੂਤ ਕਰਨ ਦਾ ਸੱਦਾ
ਮਨਪ੍ਰੀਤ ਸਿੰਘ
ਰੂਪਨਗਰ 13 ਜੂਨ:
ਭਾਰਤੀ ਜਨਤਾ ਪਾਰਟੀ ਵੱਲੋਂ ਅਗਾਮੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਰੂਪਨਗਰ ਵਿਖੇ ਇੱਕ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਬੂਥ ਪੱਧਰੀ ਬੀਐਲਏ (ਬੂਥ ਲੈਵਲ ਏਜੰਟ) ਅਹੁਦੇਦਾਰਾਂ ਨੂੰ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ ਗਈ। ਮੀਟਿੰਗ ਵਿੱਚ ਭਾਜਪਾ ਦੇ ਕੌਮੀ ਸਕੱਤਰ ਸ੍ਰੀ ਓਮ ਪ੍ਰਕਾਸ਼ ਧਨਖੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਰਹਿ ਚੁੱਕੇ ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀਮਤੀ ਪਰਮਪਾਲ ਕੌਰ ਸਿੱਧੂ ਨੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।
ਸਮਾਗਮ ਦੌਰਾਨ ਮਹਿਮਾਨਾਂ ਦਾ ਸਵਾਗਤ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਬੀਐਲਏ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੂਥ ਪੱਧਰ ਦੀ ਮਜ਼ਬੂਤੀ ਹੀ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਸਫਲਤਾ ਦੀ ਨੀਂਹ ਹੁੰਦੀ ਹੈ ਅਤੇ ਭਾਜਪਾ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।
ਆਪਣੇ ਸੰਬੋਧਨ ਦੌਰਾਨ ਸ੍ਰੀ ਓਮ ਪ੍ਰਕਾਸ਼ ਧਨਖੜ ਨੇ ਬੀਐਲਏ ਅਹੁਦੇਦਾਰਾਂ ਨੂੰ ਚੋਣ ਪ੍ਰਕਿਰਿਆ, ਵੋਟਰ ਸੂਚੀਆਂ ਦੀ ਜਾਂਚ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਰ ਡਾਟਾ ਦੀ ਸ਼ੁੱਧਤਾ ਅਤੇ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਮਜ਼ਬੂਤ ਸੰਗਠਨ ਅਤੇ ਸਮਰਪਿਤ ਕਾਰਕੁਨਾਂ ਦੇ ਬਲ ‘ਤੇ ਅੱਗੇ ਵਧੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੀ ਹਰ ਬੂਥ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਾਰਕੁਨਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ।
ਉਨ੍ਹਾਂ ਨੇ ਕਿਹਾ ਕਿ ਬੀਐਲਏ ਪਾਰਟੀ ਅਤੇ ਚੋਣ ਕਮਿਸ਼ਨ ਦੀ ਪ੍ਰਕਿਰਿਆ ਵਿਚਕਾਰ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰਦੇ ਹਨ। ਇਸ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਸਿਰਫ਼ ਵੋਟਰ ਸੂਚੀਆਂ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣਾ ਵੀ ਹੈ। ਉਨ੍ਹਾਂ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਪੱਧਰ ‘ਤੇ ਆਪਣੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ।
ਇਸ ਮੌਕੇ ਸ੍ਰੀਮਤੀ ਪਰਮਪਾਲ ਕੌਰ ਸਿੱਧੂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਸਹੀ ਜਾਣਕਾਰੀ ਅਤੇ ਸੁਚੱਜੇ ਪ੍ਰਬੰਧਨ ਦੀ ਬਹੁਤ ਅਹਿਮੀਅਤ ਹੈ। ਉਨ੍ਹਾਂ ਨੇ ਕਾਰਕੁਨਾਂ ਨੂੰ ਸੰਗਠਨ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਮੀਟਿੰਗ ਦੌਰਾਨ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸ੍ਰੀ ਸੁਭਾਸ਼ ਸ਼ਰਮਾ, ਜ਼ਿਲ੍ਹਾ ਨਵਾਂਸ਼ਹਿਰ ਦੇ ਪ੍ਰਧਾਨ ਸ੍ਰੀ ਰਾਜਵਿੰਦਰ ਸਿੰਘ ਲੱਕੀ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ, ਭਾਜਪਾ ਲੀਗਲ ਸੈੱਲ ਦੇ ਇੰਚਾਰਜ ਸ੍ਰੀ ਐਨ. ਕੇ. ਵਰਮਾ, ਰਮਨ ਜਿੰਦਲ, ਮੋਨੀਕਾ ਸ਼ਰਮਾ, ਨਿਮੀਸ਼ਾ ਮਹਿਤਾ, ਅਮਨਪ੍ਰੀਤ ਕਾਬੜਵਾਲ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਦੇ ਅਹੁਦੇਦਾਰ, ਬੀਐਲਏ ਸਾਥੀ ਅਤੇ ਵਰਕਰ ਹਾਜ਼ਰ ਸਨ। ਸਮਾਗਮ ਦੌਰਾਨ ਪਾਰਟੀ ਨੂੰ ਬੂਥ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਅਤੇ ਅਗਾਮੀ ਚੋਣਾਂ ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰਣ ਦਾ ਸੰਕਲਪ ਵੀ ਦੁਹਰਾਇਆ ਗਿਆ।
- Download Babushahi App
-
-