ਗੁਰਦਾਸਪੁਰ: ਨਹਿਰ ਵਿੱਚ ਪਏ 40 ਫੁੱਟ ਦੇ ਪਾੜ ਨੇ ਡੋਬੇ ਘਰ ਤੇ ਖੇਤ, ਕਿਸਾਨਾਂ ਅਤੇ ਪਰਿਵਾਰਾਂ ਨੂੰ ਲੱਖਾਂ ਦਾ ਨੁਕਸਾਨ
ਰੋਹਿਤ ਗੁਪਤਾ
ਗੁਰਦਾਸਪੁਰ, 22 ਜੂਨ, 2026: ਗੁਰਦਾਸਪੁਰ ਦੇ ਸਠਿਆਲੀ ਹੈੱਡ ਵਰਕਸ ਤੋਂ ਕੁਝ ਹੀ ਦੂਰੀ ‘ਤੇ ਅੱਪਰ ਬਾਰੀ ਦੁਆਬ ਨਹਿਰ ਵਿੱਚ ਦੇਰ ਰਾਤ 3 ਵਜੇ ਦੇ ਕਰੀਬ 40 ਫੁੱਟ ਦਾ ਵੱਡਾ ਪਾੜ ਪੈ ਗਿਆ। ਇਸ ਕਾਰਨ ਨੇੜਲੇ ਘਰਾਂ, ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਵੜ ਗਿਆ, ਜਿਸ ਨਾਲ ਭਾਰੀ ਨੁਕਸਾਨ ਹੋਇਆ ਹੈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਨਹਿਰ ਰਾਤ ਸਮੇਂ ਟੁੱਟੀ ਸੀ। ਨਹਿਰੀ ਵਿਸ਼ਰਾਮ ਘਰ ਵਿੱਚ ਰਹਿੰਦੇ ਪ੍ਰਵਾਸੀ ਮਜ਼ਦੂਰ ਅਨੁਸਾਰ ਰਾਤ ਕਰੀਬ 3 ਵਜੇ ਉਨ੍ਹਾਂ ਦੇ ਕਮਰਿਆਂ ਵਿੱਚ ਅਚਾਨਕ ਪਾਣੀ ਦਾਖਲ ਹੋਇਆ, ਜਿਸ ਤੋਂ ਬਾਅਦ ਪਤਾ ਲੱਗਾ ਕਿ ਨਹਿਰ ਟੁੱਟ ਚੁੱਕੀ ਹੈ। ਪਾਣੀ ਸ੍ਰੀ ਹਰਗੋਬਿੰਦਪੁਰ-ਗੁਰਦਾਸਪੁਰ ਮਾਰਗ ਨੂੰ ਪਾਰ ਕਰਦਾ ਹੋਇਆ ਨੇੜਲੇ ਘਰਾਂ ਅਤੇ ਖੇਤਾਂ ਵਿੱਚ ਜਾ ਵੜਿਆ।ਨਹਿਰ ਟੁੱਟਣ ਕਾਰਨ ਝੋਨੇ ਦੀ ਲੱਗੀ ਹੋਈ ਫ਼ਸਲ ਵੀ ਪਾਣੀ ਹੇਠ ਆ ਗਈ। ਇਲਾਕੇ ਵਿੱਚ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ, ਜਦਕਿ ਪ੍ਰਭਾਵਿਤ ਪਰਿਵਾਰਾਂ ਲਈ ਹਾਲਾਤ ਚਿੰਤਾਜਨਕ ਬਣੇ ਹੋਏ ਹਨ।
ਪ੍ਰਭਾਵਿਤ ਵਸਨੀਕ ਤਰਸੇਮ ਸਿੰਘ, ਸੁਰਜੀਤ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋਣ ਕਾਰਨ ਖਾਣ ਲਈ ਰੱਖੀ ਕਣਕ, ਘਰੇਲੂ ਸਾਮਾਨ ਅਤੇ ਹੋਰ ਕੀਮਤੀ ਵਸਤਾਂ ਡੁੱਬ ਗਈਆਂ ਹਨ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਉਣਾ ਹਾਲੇ ਸੰਭਵ ਨਹੀਂ।
ਇਸ ਸਬੰਧੀ ਜਦੋਂ ਮੌਕੇ ‘ਤੇ ਮੌਜੂਦ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਤੁਰੰਤ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਇੱਕ ਨਿੱਜੀ ਠੇਕੇਦਾਰ ਦੀਆਂ ਭਾਰੀ ਪੋਕਲੇਨ ਮਸ਼ੀਨਾਂ ਦੀ ਮਦਦ ਨਾਲ ਪਾੜ ਨੂੰ ਬੰਦ ਕਰਨ ਦੇ ਯਤਨ ਜਾਰੀ ਹਨ। ਹਾਲਾਂਕਿ ਨਹਿਰ ਵਿੱਚ ਪਾਣੀ ਦਾ ਵਹਾਅ ਜਾਰੀ ਰਹਿਣ ਕਾਰਨ ਕੰਮ ਵਿੱਚ ਮੁਸ਼ਕਲਾਂ ਆ ਰਹੀਆਂ ਹਨ।
- Download Babushahi App
-
-